‘ਆਪ’ ਮੰਤਰੀਆਂ ‘ਤੇ ਹੋਈ FIR ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਇਸ ਦੇਸ਼ ‘ਚ ਸੱਚ ਬੋਲੇਗਾ ਉਸ ‘ਤੇ FIR ਹੋਵੇਗੀ । ਉਨ੍ਹਾਂ ਕਿਹਾ ਕਿ ਤੁਹਾਡਾ ਕਸੂਰ ਇੰਨਾ ਕਿ ਤੁਸੀਂ ਰਾਜਨੀਤੀ ‘ਚ ਸਾਡੇ ਕੰਮਾਂ ‘ਚ ਅੜਿੱਕਾ ਕਿਉਂ ਬਣ ਰਹੇ ਹੋ । ਅਜੇ ਤਾਂ ਅੱਗੇ ਹੋਰ FIR ਤੇ ਗ੍ਰਿਫ਼ਤਾਰੀਆਂ ਹੋਣਗੀਆਂ ਪਰ ਅਸੀਂ ਸੱਚ ਬੋਲਦੇ ਰਹਾਂਗੇ ਤੇ ਆਪਣੀ ਲੜਾਈ ਲੜਾਂਗੇ। ਜੇਲ੍ਹਾਂ ਵਿਚ ਵੀ ਜਾਵਾਂਗੇ, ਕੋਈ ਚੱਕਰ ਨਹੀਂ। ਅਸੀਂ ਡਰਨ ਵਾਲੇ ਨਹੀਂ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਕੋਰਟ ਜਾਵਾਂਗੇ। ਕਾਨੂੰਨ ਤੇ ਰੱਬ ਤਾਂ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੇ ਮੰਤਰੀਆਂ ਖਿਲਾਫ ਕੇਸ ਦਰਜ ਕਰਨ ਦਾ ਮਾਮਲਾ ਵੀ ਉੱਠਿਆ। ਦੱਸ ਦੇਈਏ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਹ ਸ਼ਿਕਾਇਤ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਰਜ ਕਰਵਾਈ ਸੀ।
ਇਸ ਸ਼ਿਕਾਇਤ ਦੇ ਆਧਾਰ ‘ਤੇ, ਚੰਡੀਗੜ੍ਹ ਸਾਈਬਰ ਸੈੱਲ ਨੇ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਪ੍ਰਸਾਰਿਤ ਕਰਨ ਦੇ ਦੋਸ਼ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਆਗੂਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਇਨ੍ਹਾਂ ਆਗੂਆਂ ਨੇ ਜਾਣਬੁੱਝ ਕੇ ਉਨ੍ਹਾਂ ਦੀ ਅਧਿਕਾਰਤ ਵੀਡੀਓ ਨਾਲ ਛੇੜਛਾੜ ਕੀਤੀ ਹੈ।