ਅੰਮ੍ਰਿਤਸਰ, 9 ਅਕਤੂਬਰ
ਅਕਾਲ ਤਖ਼ਤ ਨੇੜੇ ਅੱਜ ਉਸ ਵੇਲੇ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਉਨ੍ਹਾਂ ਦੇ ਸਮਰਥਕਾਂ ਵਿਚਾਲੇ ਤਲਖ਼ੀ ਹੋ ਗਈ, ਜਦੋਂ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਨੂੰ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਵਿੱਚ ਸ਼ਾਮਲ ਹੋਣ ਤੋਂ ਰੋਕਿਆ।
ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਮਗਰੋਂ ਅਕਾਲ ਫੈਡਰੇਸ਼ਨ ਦੇ ਮੁਖੀ ਨਾਰਾਇਣ ਸਿੰਘ ਨੇ ਭਾਈ ਲੌਂਗੋਵਾਲ ਦੀ ਸ਼ਮੂਲੀਅਤ ’ਤੇ ਇਤਰਾਜ਼ ਕੀਤਾ।
ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਵੱਲੋਂ ਲਾਈ ਤਨਖਾਹ ਦੌਰਾਨ ਲੋਗੋਵਾਲ ਤੇ ਹੋਰਾਂ ਨੂੰ ਮਹੀਨੇ ਲਈ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਨਾ ਹੋਣ ਲਈ ਆਖਿਆ ਗਿਆ ਹੈ ਅਤੇ ਅਤੇ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੇ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ। ਦੂਜੇ ਪਾਸੇ ਲੌਂਗੋਵਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਖਿਆ ਕਿ ਅਕਾਲ ਤਖ਼ਤ ਵੱਲੋਂ ਉਨ੍ਹਾਂ ਨੂੰ ਮਹੀਨਾ ਕਿਸੇ ਵੀ ਸਮਾਗਮ ਵਿੱਚ ਨਾ ਬੋਲਣ ਵਾਸਤੇ ਆਖਿਆ ਹੈ। ਇਸ ਮਾਮਲੇ ’ਤੇ ਦੋਵਾਂ ਧਿਰਾਂ ਵਿਚਾਲੇ ਕੁਝ ਦੇਰ ਬਹਿਸ ਵੀ ਹੋਈ ਅਤੇ ਬਾਅਦ ਵਿੱਚ ਇਹ ਮਾਮਲਾ ਇਸ ਗੱਲ ’ਤੇ ਆ ਕੇ ਮੁੱਕਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਕੋਲੋਂ ਹੀ ਸਥਿਤੀ ਸਪੱਸ਼ਟ ਕੀਤੀ ਜਾਵੇਗੀ। ਇਸ ਦੌਰਾਨ ਭੋਗ ਮਗਰੋਂ ਭਾਈ ਸੁੱਖਾ ਤੇ ਭਾਈ ਜਿੰਦਾ ਦੇ ਪਰਿਵਾਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਪਹਿਲੀ ਵਾਰ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਦਲ ਖ਼ਾਲਸਾ, ਅਕਾਲੀ ਦਲ (ਅੰਮ੍ਰਿਤਸਰ) ਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।