ਚੰਡੀਗੜ੍ਹ, 29 ਜੁਲਾਈ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਤਰੀ ਦੀ ਮਿਲੀਭੁਗਤ ਨਾਲ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਨੇ ਜੇਸੀਟੀ ਇਲੈਕਟ੍ਰਾਨਿਕਸ ਮੁਹਾਲੀ ਦੀ 31 ਏਕੜ ਜ਼ਮੀਨ ਇਕ ਨਿੱਜੀ ਡੀਲਰ ਨੂੰ ਕਥਿਤ ਤੌਰ ’ਤੇ ਘਾਟੇ ਵਿੱਚ ਵੇਚੀ ਹੈ, ਜਿਸ ਨਾਲ ਰਾਜ ਦੇ ਖਜ਼ਾਨੇ ਨੂੰ ਕਰੋੜਾਂ ਦਾ ਚੂਨਾ ਲੱਗਿਆ ਹੈ। ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਮਾਮਲੇ ਸਬੰਧੀ ਆਈਏਐੱਸ ਅਧਿਕਾਰੀਆਂ ਦੀ ਕਥਿਤ ਕਮੇਟੀ ਵੱਲੋਂ ਜਾਂਚ ਦੌਰਾਨ ਕੈਬਨਿਟ ਮੰਤਰੀ ਨੂੰ ਸ਼ਾਮਲ ਨਹੀਂ ਕੀਤਾ ਸੀ, ਜਦੋਂ ਕਿ ਮੰਤਰੀ ਦਾ ਵੱਖ ਵੱਖ ਧੰਦਿਆਂ ਵਿੱਚ ਸਿੱਧਾ ਸਬੰਧ ਹੈ। ਉਨ੍ਹਾਂ ਮੰਗ ਕੀਤੀ ਕਿ ਸੁੰਦਰ ਸ਼ਾਮ ਅਰੋੜਾ ਨੂੰ ਸ਼ਾਮਲ ਕਰਕੇ ਮੁੜ ਸੀਬੀਆਈ ਜਾਂਚ ਕਰਵਾਈ ਜਾਵੇ।