ਅੰਮ੍ਰਿਤਸਰ, 19 ਜਨਵਰੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਕਾਂਗਰਸ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ। ਸ੍ਰੀ ਬਾਦਲ ਨੇ ਅੱਜ ਇੱਥੇ ਕਾਂਗਰਸ ਦੇ ਤਿੰਨ ਕੌਂਸਲਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਜੀ ਆਇਆਂ ਕਿਹਾ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਈਡੀ ਵੱਲੋਂ ਛਾਪੇ ਦੌਰਾਨ ਕਰੋੜਾਂ ਰੁਪਏ ਮਿਲੇ। ਇਹ ਸਾਰੀ ਰਕਮ ਮਾਫ਼ੀਆ ਕਾਰੋਬਾਰ ਨਾਲ ਸਬੰਧਤ ਹੈ। ਜੇਕਰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਜਾਵੇ ਤਾਂ ਅਜਿਹੀ ਰਾਸ਼ੀ ਵੱਡੀ ਮਾਤਰਾ ਵਿੱਚ ਮਿਲ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੂੰ ਪੰਜਾਬ ਵਿੱਚ ਹੁਣ ਜਦੋਂ ਮੁੱਖ ਮੰਤਰੀ ਲਈ ਕੋਈ ਉਮੀਦਵਾਰ ਨਹੀਂ ਮਿਲਿਆ ਤਾਂ ਭਗਵੰਤ ਮਾਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਕਈ ਵਾਰ ਇਸ ਮਾਮਲੇ ਵਿੱਚ ਭਗਵੰਤ ਮਾਨ ਦੇ ਕੋਲ ਬੈਠਿਆਂ ਹੁੰਦਿਆਂ ਹੋਇਆਂ ਕਹਿ ਚੁੱਕੇ ਹਨ ਕਿ ਉਹ ਪੰਜਾਬ ਨੂੰ ਚੰਗਾ ਮੁੱਖ ਮੰਤਰੀ ਦਾ ਉਮੀਦਵਾਰ ਦੇਣਗੇ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ।