ਨਵੀਂ ਦਿੱਲੀ, 3 ਜਨਵਰੀ

ਵਿਰੋਧੀ ਧਿਰ ਕਾਂਗਰਸ ਨੇ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਵਾਲਾ ਦੇ ਕੇ ਕੀਤੀ ਗਈ ਟਿੱਪਣੀ ’ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਜੇ ਰਾਜਪਾਲ ਮਲਿਕ ਵੱਲੋਂ ਕਿਸਾਨਾਂ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਹਊਮੇ’ ਵਾਲਾ ਰਵੱਈਆ ਅਪਣਾਉਣ ਦੇ ਲਾਏ ਦੋਸ਼ ਸਹੀ ਹਨ ਤਾਂ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਜੇ ਇਹ ਸਹੀ ਨਹੀਂ ਤਾਂ ਮਲਿਕ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਜੇ ਰਾਜਪਾਲ ਮਲਿਕ ਝੂਠ ਬੋਲ ਰਹੇ ਹਨ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਕੇ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਪਰ ਜੇ ਉਹ ਝੂਠ ਨਹੀਂ ਬੋਲ ਰਹੇ ਤਾਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭਾਰਤ ਦੇ ਮਿਹਨਤਕਸ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਨਹੀਂ ਤਾਂ ਕਿਸਾਨ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।’’