ਚੰਡੀਗੜ੍ਹ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਲੀਹ ਤੋਂ ਲੱਥੀ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਜੰਗਲ ਰਾਜ ਵੱਲ ਵਧ ਰਿਹਾ ਹੈ।
ਇੱਕ ਬਿਆਨ ਰਾਹੀਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਤਲ, ਲੁੱਟ ਤੇ ਸਿਆਸੀ ਵਿਰੋਧੀਆਂ ’ਤੇ ਕਾਤਲਾਨਾ ਹਮਲੇ ਕਰਨ ਦੀਆਂ ਘਟਨਾਵਾਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ ਤੇ ਸਰਕਾਰੀ ਤੰਤਰ ਮੂਕ ਦਰਸ਼ਕ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਪਨ ਸ਼ਰਮਾ ਦਾ ਅੰਮ੍ਰਿਤਸਰ ’ਚ ਕਤਲ, ਹਰਕੀਰਤ ਸਿੰਘ ਦਾ ਸੰਗਰੂਰ ’ਚ ਕਤਲ ਤੇ ਅੱਜ ਅਮਰਜੋਤ ਸਿੰਘ ਬੱਬੇਹਾਲੀ ’ਤੇ ਹੋਏ ਹਮਲੇ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਕਾਨੂੰਨ ਦਾ ਭੈਅ ਨਾ ਹੋਣ ਕਾਰਨ ਲੋਕਾਂ ’ਚ ਡਰ ਅਤੇ ਸਹਿਮ ਹੈ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਖ਼ਤਰਨਾਕ ਦਿਸ਼ਾ ਵੱਲ ਜਾ ਰਹੇ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਾ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਲੋੜੀਂਦੇ ਕਦਮ ਚੁੱਕਣ, ਕਿਉਂਕਿ ਅਜਿਹਾ ਜਾਪ ਰਿਹਾ ਹੈ ਜਿਵੇਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਕੈਪਟਨ ਸਰਕਾਰ ਦੇ ਏਜੰਡੇ ’ਤੇ ਹੀ ਨਹੀਂ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਮਰਜੋਤ ਸਿੰਘ ਬੱਬੇਹਾਲੀ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿਆਸੀ ਵਿਰੋਧੀਆਂ ਖ਼ਾਸ ਕਰ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲੇ ’ਤੇ ਸੰਘਰਸ਼ ਵਿੱਢਿਆ ਜਾਵੇਗਾ।