ਸ੍ਰੀਨਗਰ, 10 ਜਨਵਰੀ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਹਲਾਕ ਹੋ ਗਏ। ਪੁਲੀਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਹਸਨਪੁਰਾ ਪਿੰਡ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਉਸ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ। ਇਹ ਵੀ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਸਬੰਧ ਕਿਸ ਜਥੇਬੰਦੀ ਨਾਲ ਸੀ। ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ-ਬਾਰੂਦ ਸਣੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ।