ਸ੍ਰੀਨਗਰ, 13 ਮਈ
ਸੁਰੱਖਿਆ ਬਲਾਂ ਨੇ ਕਸ਼ਮੀਰ ਵਿੱਚ ਘੁਸਪੈਠ ਕਰਨ ਵਾਲੇ ਲਸ਼ਕਰ-ਏ-ਤੋਇਬਾ ਦੇ ਤਿੰਨ ਦਹਿਸ਼ਤਗਰਦਾਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਜ ਦਹਿਸ਼ਤਗਰਦਾਂ ਦਾ ਸੁਰੱਖਿਆ ਬਲਾਂ ਨਾਲ ਮੁਕਾਬਲਾ ਹੋਇਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਦੇ ਅਰਗਾਮ ਖੇਤਰ ਦੇ ਬਰਾੜ ਵਿੱਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਜਿਸ ਤੋਂ ਬਾਅਦ ਖੇਤਰ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਲੁਕੇ ਹੋਏ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ ਤਿੰਨ ਦਹਿਸ਼ਤਗਰਦ ਮਾਰੇ ਗਏ। ਉਨ੍ਹਾਂ ਦੱਸਿਆ ਕਿ ਮਾਰੇ ਗਏ ਦਹਿਸ਼ਤਗਰਦਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੈ ਕੁਮਾਰ ਨੇ ਕਿਹਾ ਸੀ ਕਿ ਬਾਂਦੀਪੋਰਾ ਵਿਚ ਲੁਕੇ ਹੋਏ ਦਹਿਸ਼ਤਗਰਦ ਪਾਕਿਸਤਾਨੀ ਹਨ ਅਤੇ ਲਸ਼ਕਰ ਨਾਲ ਸਬੰਧਤ ਹਨ। ਉਨ੍ਹਾਂ ਨੇ ਹਾਲ ਹੀ ’ਚ ਜੰਮੂ-ਕਸ਼ਮੀਰ ਵਿਚ ਘੁਸਪੈਠ ਕੀਤੀ ਸੀ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਾਲਿੰਦਰ ਜੰਗਲੀ ਖੇਤਰ ਵਿੱਚ ਹੋਏ ਮੁਕਾਬਲੇ ਦੌਰਾਨ ਉਹ ਭੱਜਣ ਵਿੱਚ ਕਾਮਯਾਬ ਹੋ ਗਏ ਸਨ। ਇਸ ਸਬੰਧੀ ਜਾਣਕਾਰੀ ਆਈਜੀਪੀ ਨੇ ਟਵੀਟ ਕਰਦਿਆਂ ਦਿੱਤੀ।