ਅੰਮ੍ਰਿਤਸਰ, 27 ਅਪਰੈਲ
ਬਿਜਲੀ ਅਤੇ ਨਵਿਆਉਣਯੋਗ ਊਰਜਾ ਵਸੀਲਿਆਂ ਬਾਰੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਕਾਂਗੜ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ। ਮੱਥਾ ਟੇਕਣ ਉਪਰੰਤ ਸ੍ਰੀ ਕਾਂਗੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਥੇ ਆਏ ਹਨ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਮੁੱਖ ਮੰਤਵ ਭ੍ਰਿਸ਼ਟਾਚਾਰ ਨੂੰ ਜੜੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਸਰਕਾਰ ਨੇ ਉਦਯੋਗਪਤੀਆਂ ਨਾਲ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਹੈ, ਉਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਸ੍ਰੀ ਕਾਂਗੜ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਮਾਲਵੇ ਵਿੱਚ ਇਕ ਸਾਲ ਅੰਦਰ 80 ਫ਼ੀਸਦੀ ਨਸ਼ਾ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਕੰਮ ਕਰੇਗੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।