ਵਾਸ਼ਿੰਗਟਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਟਰੰਪ ਵਿਚਾਲੇ ਫ਼ੋਨ ‘ਤੇ ਗੱਲਬਾਤ ਕੀਤੀ। ਇਸ ਗੱਲਬਾਤ ਸੰਬੰਧੀ ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕੀਤੀ ਹੈ। ਇਸ ਤੋਂ ਇਲਾਵਾ, ਵ੍ਹਾਈਟ ਹਾਊਸ ਨੇ ਗੱਲਬਾਤ ਦੇ ਵੇਰਵੇ ਵੀ ਜਾਰੀ ਕੀਤੇ ਹਨ। ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਦੋਵਾਂ ਦੇਸ਼ਾਂ ਵਿਚਕਾਰ ਨਿਰਪੱਖ ਵਪਾਰ ਬਾਰੇ ਗੱਲ ਕੀਤੀ ਹੈ। ਇਸ ਦੌਰਾਨ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਮਰੀਕਾ ਆਉਣ ਦਾ ਸੱਦਾ ਦਿੱਤਾ ਹੈ।

ਵ੍ਹਾਈਟ ਹਾਊਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਇੱਕ ਫਲਦਾਇਕ ਗੱਲਬਾਤ ਹੋਈ। ਇਸ ਦੌਰਾਨ ਦੋਵਾਂ ਆਗੂਆਂ ਨੇ ਸਹਿਯੋਗ ਵਧਾਉਣ ਅਤੇ ਸਬੰਧਾਂ ਨੂੰ ਡੂੰਘਾ ਕਰਨ ਬਾਰੇ ਗੱਲ ਕੀਤੀ। ਟਰੰਪ ਅਤੇ ਮੋਦੀ ਨੇ ਕਈ ਖੇਤਰੀ ਮੁੱਦਿਆਂ ‘ਤੇ ਵੀ ਚਰਚਾ ਕੀਤੀ, ਜਿਨ੍ਹਾਂ ਵਿੱਚ ਇੰਡੋ-ਪੈਸੀਫਿਕ, ਮੱਧ ਪੂਰਬ ਅਤੇ ਯੂਰਪ ਵਿੱਚ ਸੁਰੱਖਿਆ ਸ਼ਾਮਲ ਹੈ। ਰਾਸ਼ਟਰਪਤੀ ਟਰੰਪ ਨੇ ਭਾਰਤ ਵੱਲੋਂ ਅਮਰੀਕੀ ਸੁਰੱਖਿਆ ਉਪਕਰਣਾਂ ਦੀ ਖਰੀਦ ਵਧਾਉਣ ਅਤੇ ਇੱਕ ਨਿਰਪੱਖ ਦੁਵੱਲੇ ਵਪਾਰਕ ਸਬੰਧਾਂ ਵੱਲ ਵਧਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ।

ਦੋਵਾਂ ਆਗੂਆਂ ਨੇ ਦੇਸ਼ਾਂ ਵਿਚਕਾਰ ਦੋਸਤੀ ਅਤੇ ਰਣਨੀਤਕ ਸਬੰਧਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਦੀ ਵ੍ਹਾਈਟ ਹਾਊਸ ਫੇਰੀ ਦੀਆਂ ਯੋਜਨਾਵਾਂ ‘ਤੇ ਵੀ ਚਰਚਾ ਕੀਤੀ। ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਲਦੀ ਹੀ ਅਮਰੀਕਾ ਆਉਣ ਦਾ ਸੱਦਾ ਦਿੱਤਾ ਹੈ।

ਟਵਿੱਟਰ ‘ਤੇ ਪੋਸਟ ਕਰਦਿਆਂ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਉਹ ਆਪਣੇ ਪਿਆਰੇ ਦੋਸਤ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਗੱਲ ਕਰਕੇ ਬਹੁਤ ਖੁਸ਼ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਇਤਿਹਾਸਕ ਦੂਜੇ ਕਾਰਜਕਾਲ ਲਈ ਵਧਾਈ ਦਿੱਤੀ। ਅਸੀਂ ਆਪਸੀ ਲਾਭਦਾਇਕ ਅਤੇ ਭਰੋਸੇਮੰਦ ਸਾਂਝੇਦਾਰੀ ਲਈ ਵਚਨਬੱਧ ਹਾਂ। ਅਸੀਂ ਆਪਣੇ ਲੋਕਾਂ ਦੀ ਭਲਾਈ ਅਤੇ ਵਿਸ਼ਵ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਮਿਲ ਕੇ ਕੰਮ ਕਰਾਂਗੇ।