ਚੰਡੀਗੜ੍ਹ, 30 ਅਕਤੂਬਰ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ’ਚ ਸਥਾਈ ਮੈਂਬਰ ਚੁਣਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜਗਦੀਸ਼ ਟਾਈਟਲਰ ਬਾਰੇ ਸਟੈਂਡ ਸਪੱਸ਼ਟ ਕਰਨ ਦੀ ਅਪੀਲ ਕੀਤੀ। ਸ੍ਰੀ ਚੁੱਘ ਨੇ ਕਿਹਾ ਕਿ ਟਾਈਟਲਰ ਦਾ ਨਾਂ 1984 ਦੇ ਸਿੱਖ ਕਤਲੇਆਮ ’ਚ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਚੰਨੀ, ਸਿੱਧੂ ਅਤੇ ਕਾਂਗਰਸ ਦੇ ਸਿੱਖ ਆਗੂਆਂ ਨੂੰ ਜਗਦੀਸ਼ ਟਾਈਟਲਰ ਦਾ ਨਾਂ ਦਿੱਲੀ ਕਾਂਗਰਸ ਕਮੇਟੀ ’ਚ ਪਾਉਣ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।