ਮਾਨਸਾ, 2 ਨਵੰਬਰ
ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਪਿਛਲੇ ਦਿਨੀਂ ਸ਼ਹੀਦ ਹੋਈਆਂ ਮਾਨਸਾ ਜਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲਾ ਦੀਆਂ ਤਿੰਨ ਔਰਤਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ 1-1 ਮੈਂਬਰ ਨੂੰ ਸਰਕਾਰੀ ਨੌਕਰੀ, ਪਰਿਵਾਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਖਤਮ ਕਰਵਾਉਣ ਅਤੇ ਫੱਟੜ ਹੋਈਆਂ ਬੀਬੀਆਂ ਦੇ ਚੱਲ ਰਹੇ ਇਲਾਜ ’ਤੇ ਹੋ ਰਹੇ ਖਰਚੇ ਤੁਰੰਤ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਪੰਜਾਬ ਸਰਕਾਰ ਖਿਲਾਫ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਇੱਕ ਸਾਲ ਤੋਂ ਨਵੇਂ ਕਾਨੂੰਨਾਂ ਖਿਲਾਫ ਅੰਦੋਲਨ ਚੱਲ ਰਿਹਾ ਹੈ ਅਤੇ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ ,ਜਿਨਾਂ ਵਿੱਚ ਖੀਵੇ ਪਿੰਡ ਦੀਆਂ ਇਹ ਤਿੰਨ ਬੀਬੀਆਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐਡੀ ਵੱਡੀ ਘਟਨਾ ਵਿੱਚ ਸ਼ਹੀਦ ਹੋਈਆਂ ਬੀਬੀਆਂ ਦੀ ਕੁਰਬਾਨੀ ਨੂੰ ਅੱਖੋਂ ਪਰੋਖੇ ਕੀਤਾ ਹੈ। ਉਨਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੇ ਗੁੰਡਿਆਂ ਵੱਲੋਂ ਸੰਘਰਸ਼ੀ ਕਿਸਾਨਾਂ ਤੇ ਜੀਪ ਚੜ੍ਹਾ ਕੇ ਚਾਰ ਕਿਸਾਨ ਸ਼ਹੀਦ ਕਰ ਦਿੱਤੇ ਸਨ, ਜਿੱਥੇ ਪੰਜਾਬ ਦੇ ਮੁੱਖ ਚਰਨਜੀਤ ਸਿੰਘ ਚੰਨੀ ਆਪਣੀ ਪੂਰੀ ਟੀਮ ਨੂੰ ਨਾਲ ਲੈ ਕੇ ਗਏ, ਸ਼ਹੀਦਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇ ਕੇ ਆਏ ਹਨ, ਉਸ ਸਮੇਂ ਮੁੱਖ ਮੰਤਰੀ ਵੱਲੋਂ ਚੁੱਕਿਆ ਕਦਮ ਸਲਾਘਾਯੋਗ ਸੀ, ਪਰ ਉਸੇ ਤਰ੍ਹਾਂ ਦੀ ਘਟਨਾ ਵਿੱਚ ਦਿੱਲੀ ਦੇ ਬਾਰਡਰ ’ਤੇ ਖੀਵਾ ਦਿਆਲੂ ਵਾਲਾ ਦੀਆਂ ਅਮਰਜੀਤ ਕੌਰ, ਸੁਖਵਿੰਦਰ ਸਿੰਘ ਤੇ ਗੁਰਮੇਲ ਕੌਰ ਸ਼ਹੀਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਦੇ ਮੁੱਖ ਮੰਤਰੀ ਨੇ ਖੁੱਲ੍ਹੇ ਦਿਲ ਨਾਲ ਮੱਦਦ ਕਰਨ ਦੀ ਬਜਾਏ ਆਪਣੇ ਖਜ਼ਾਨੇ ਦੇ ਬੂਹੇ ਬੰਦ ਕਰ ਲਏ ਹਨ ਜਿਨ੍ਹਾਂ ਨੂੰ ਖੁੱਲ੍ਹਵਾਉਣ ਲਈ ਜਥੇਬੰਦੀ ਪੱਕਾ ਮੋਰਚਾ ਪੰਜਾਬ ਸਰਕਾਰ ਖਿਲਾਫ ਲਾਵੇਗੀ ਜਿਸ ਦਾ ਐਲਾਨ 7 ਨਵੰਬਰ ਨੂੰ ਸ਼ਹੀਦ ਬੀਬੀਆਂ ਦੇ ਭੋਗ ਸਮਾਗਮ ਤੇ ਪਿੰਡ ਖੀਵਾ ਦਿਆਲੂ ਵਾਲਾ ਵਿਖੇ ਕੀਤਾ ਜਾਵੇਗਾ।