ਲੁਧਿਆਣਾ, 7 ਸਤੰਬਰ
ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਫਰੀਜ਼ ਕੀਤੇ ਗਏ ਛੇ ਬੈਂਕ ਲਾਕਰਾਂ ’ਚੋਂ ਚਾਰ ਦੀ ਪੜਤਾਲ ਦੌਰਾਨ 4 ਕਿੱਲੋ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਕੀਮਤ 2 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਈਡੀ ਨੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਬੈਂਕ ਲਾਕਰਾਂ ਦੀ ਤਲਾਸ਼ੀ ਲਈ ਸੀ, ਜਿਸ ’ਚੋਂ ਗਹਿਣੇ ਤੇ ਹੋਰ ਕੀਮਤੀ ਸਾਮਾਨ ਮਿਲਿਆ ਸੀ। ਹੁਣ ਤੱਕ ਇਸ ਮਾਮਲੇ ’ਚ ਜ਼ਬਤ ਕੀਤੀ ਗਈ ਕੁੱਲ ਰਕਮ 8.6 ਕਰੋੜ ਹੋ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਈਡੀ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਮੁਲਜ਼ਮਾਂ ਦਾ ਡਾਟਾ ਵੀ ਕਢਵਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਈਡੀ ਨੇ ਵਿਜੀਲੈਂਸ ਤੋਂ ਮਾਮਲੇ ਦੀ ਜਾਂਚ ਅੱਗੇ ਵਧਾਉਣ ਲਈ ਕੁਝ ਡਾਟਾ ਮੰਗਿਆ ਹੈ ਤੇ ਇਸ ਮਾਮਲੇ ’ਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਜਲਦੀ ਪੁੱਛ-ਪੜਤਾਲ ਲਈ ਸੱਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਈਡੀ ਨੇ ਸਾਬਕਾ ਮੰਤਰੀ ਦੇ ਨਜ਼ਦੀਕੀਆਂ ਦੀ ਸੂਚੀ ਤਿਆਰ ਕਰ ਲਈ ਹੈ, ਜਿਨ੍ਹਾਂ ਨੂੰ ਜਾਂਚ ’ਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।