ਚੰਡੀਗੜ੍ਹ, 15 ਦਸੰਬਰ
ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ, ਭਾਜਪਾ ਆਗੂਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਆਦਿ ’ਤੇ ਚੱਲ ਰਹੇ ਧਰਨਿਆਂ ਨੂੰ ਸੰਯੁਕਤ ਮੋਰਚੇ ਦੇ ਫੈਸਲੇ ਮੁਤਾਬਕ ਅੱਜ ਸਮਾਪਤ ਕਰ ਦਿੱਤਾ ਗਿਆ ਜਦੋਂਕਿ ਟੌਲ ਪਲਾਜ਼ਿਆਂ ’ਤੇ ਰੇਟ ਵਧਾਉਣ ਕਾਰਨ ਕਿਸਾਨ ਜਥੇਬੰਦੀਆਂ ਨੇ ਧਰਨੇ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਮੋਰਚੇ ਦੀ ਸਮਾਪਤੀ ਮਗਰੋਂ ਕਿਸਾਨ ਜਥੇਬੰਦੀਆਂ ਨੇ ਪੜਾਅਵਾਰ ਸੰਘਰਸ਼ ਨੂੰ ਖ਼ਤਮ ਕਰਨ ਦਾ ਐਲਾਨ ਕਰਦਿਆਂ 15 ਦਸੰਬਰ ਨੂੰ ਪੰਜਾਬ ਵਿੱਚ ਧਰਨੇ ਚੁੱਕਣ ਦਾ ਐਲਾਨ ਕੀਤਾ ਸੀ। ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਸੰਘਰਸ਼ ਖ਼ਤਮ ਕਰਨ ਦਾ ਐਲਾਨ ਕਰਨ ਮੌਕੇ ਭਰਵੇਂ ਇਕੱਠ ਕੀਤੇ। ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਕਿਰਤੀਆਂ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ’ਤੇ ਏਕਤਾ ਅਤੇ ਸੰਘਰਸ਼ ਦਾ ਪੱਲਾ ਨਾ ਛੱਡਿਆ ਜਾਵੇ।