ਜਲੰਧਰ, 13 ਦਸੰਬਰ

ਕਿਸਾਨ ਅੰਦੋਲਨ ਜਿੱਤਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨੇ ਲਈ ਜਾ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਜਲੰਧਰ ਵਿਚ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਏਕਤਾ ਨੇ ਇਸ ਅੰਦੋਲਨ ਨੂੰ ਜਿੱਤਣ ਵਿਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨ ਅੰਦੋਲਨ ਚੱਲਦਾ ਰਿਹਾ ਟੌਲ ਪਲਾਜ਼ੇ ਬੰਦ ਸਨ ਅਤੇ ਹੁਣ ਉਨ੍ਹਾਂ ਨੂੰ ਮੁੜ ਖੋਲ੍ਹਣ ਅਤੇ ਘਾਟਾ ਪੂਰਾ ਕਰਨ ਲਈ ਉਸ ਦੀਆਂ ਦਰਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਟੌਲ ਪਲਾਜ਼ੇ ਦੀ ਦਰ ਵਿਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ ਤੇ ਟੌਲ ਪਲਾਜ਼ਿਆਂ ਨੂੰ ਬੰਦ ਕਰਵਾ ਦੇਣਗੇ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਜਿੱਦਾਂ ਕੇਂਦਰ ਸਰਕਾਰ ਕਣਕ ਤੇ ਝੋਨੇ ਦੀਆਂ ਦਰਾਂ ਸਿਰਫ ਦੋ-ਢਾਈ ਫੀਸਦੀ ਹੀ ਵਾਧਾ ਕਰਦੀ ਹੈ, ਉਸੇ ਤਰਜ਼ ’ਤੇ ਹੀ ਟੌਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਜਾਣ। ਟਿਕੈਤ ਨਾਲ ਆਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਅਤੇ ਜਸਵੰਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਟੌਲ ਪਲਾਜ਼ੇ ਵਾਲਿਆਂ ਨੇ ਲੋਕਾਂ ਨਾਲ ਧੱਕਾ ਕੀਤਾ ਤਾਂ ਕਿਸਾਨ ਮੋਰਚਾ ਉਨ੍ਹਾਂ ਨਾਲ ਖੜ੍ਹੇਗਾ।