ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ‘ਤੇ ਚੱਲ ਰਿਹਾ ਮਰ.ਨ ਵਰਤ ਦਾ ਅੱਜ 31ਵਾਂ ਦਿਨ ਹੈ। ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ। ਦੂਜੇ ਪਾਸੇ, 30 ਦਸੰਬਰ ਨੂੰ ਪੰਜਾਬ ਬੰਦ ਅਤੇ ਦੇਸ਼ ਦੇ ਬਾਕੀ ਹਿਸਿਆਂ ਵਿੱਚ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

30 ਦਸੰਬਰ ਨੂੰ ਅੰਦੋਲਨ ਦੇ ਸਮਰਥਨ ਵਿੱਚ ਦਿੱਤੇ ਜਾਣ ਵਾਲੇ ਪੰਜਾਬ ਬੰਦ ਸਬੰਧੀ ਅੱਜ ਖਨੌਰੀ ਵਿੱਚ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਪਾਰਕ ਜਥੇਬੰਦੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ, ਵੱਖ-ਵੱਖ ਯੂਨੀਅਨਾਂ ਦੇ ਆਗੂ ਸ਼ਾਮਿਲ ਹੋਣਗੇ। ਦੂਜੇ ਪਾਸੇ ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ਵਿੱਚ ਵੀ ਜਗਜੀਤ ਸਿੰਘ ਡੱਲੇਵਾਲ ਦੇ ਮਰ.ਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ।

ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਚਿੰਤਾਜਨਕ ਹਾਲਤ ਵਿੱਚ ਹੈ। 30 ਦਿਨਾਂ ਤੋਂ ਕੁਝ ਨਹੀਂ ਖਾਧਾ ਅਤੇ ਪਾਣੀ ਤੋਂ ਇਲਾਵਾ ਕੁਝ ਨਹੀਂ ਪੀਤਾ। ਉਨ੍ਹਾਂ ਦੇ ਹੱਥ ਪੀਲੇ ਪੈ ਗਏ ਹਨ। ਉਹ ਹੁਣ ਬੋਲਣ ਤੋਂ ਅਸਮਰੱਥ ਹੈ। ਇਸਦੇ ਨਾਲ ਹੀ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ਨਹੀਂ ਰਹਿਣਾ ਚਾਹੀਦਾ, ਇਸ ਲਈ ਜਗਜੀਤ ਸਿੰਘ ਡੱਲੇਵਾਲ ਦੇ ਕੀਟੋਨ ਬਾਡੀ ਟੈਸਟ ਸਮੇਤ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਉਨ੍ਹਾਂ ਦੀ ਰਿਪੋਰਟ ਦੇਸ਼ ਨਾਲ ਸਾਂਝਾ ਕੀਤੀ ਜਾਣੀ ਚਾਹੀਦੀ ਹੈ।