ਅੰਮ੍ਰਿਤਸਰ, 10 ਸਤੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਕਾਹਲ ਕਦਮੀ ਵਿੱਚ ਸ੍ਰੀ ਅਕਾਲ ਤਖ਼ਤ ਤੋਂ ਮੁਆਫ਼ੀ ਇਸ ਲਈ ਦਿਵਾਈ ਗਈ ਸੀ, ਤਾਂ ਜੋ ਇਸ ਤੋਂ ਬਾਅਦ ਉਸ ਦੀ ਫਿਲਮ ਪੰਜਾਬ ਵਿੱਚ ਰਿਲੀਜ਼ ਹੋ ਸਕੇ ਅਤੇ ਫਿਲਮ ਨੂੰ ਦੇਸ਼ ਭਰ ਵਿਚ ਵੱਧ ਤੋਂ ਵੱਧ ਮਾਇਕ ਲਾਭ ਮਿਲ ਸਕੇ।
ਅੱਜ ਸ਼ਾਮ ਇਥੇ ਇੱਕ ਪੱਤਰਕਾਰ ਸੰਮੇਲਨ ਵਿੱਚ ਸ੍ਰੀ ਜਾਖੜ ਨੇ ਮੀਡੀਆ ਸਾਹਮਣੇ ਇਹ ਦਾਅਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਜਵਾਬ ਮੰਗਿਆ ਕਿ ਉਹ ਸਿੱਖ ਭਾਈਚਾਰੇ ਅਤੇ ਸੂਬੇ ਦੇ ਲੋਕਾਂ ਨੂੰ ਸਪਸ਼ਟ ਕਰਨ ਕਿ ਡੇਰਾ ਸਿਰਸਾ ਦੇ ਮੁਖੀ ਨੂੰ 24 ਸਤੰਬਰ 2015 ਵੀਰਵਾਰ ਵਾਲੇ ਦਿਨ ਹੀ ਮੁਆਫ਼ੀ ਦਿਵਾਉਣ ਪਿੱਛੇ ਕੀ ਕਾਰਨ ਸੀ? ਉਨ੍ਹਾਂ ਨੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦਿਆਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਭਾਈਚਾਰੇ ਦੇ ਵਿਰੋਧ ਦੇ ਕਾਰਨ ਡੇਰਾ ਸਿਰਸਾ ਦੇ ਮੁਖੀ ਦੀ ਫਿਲਮ ਐੱਮਐੱਸਜੀ 18 ਸਤੰਬਰ 2015 ਨੂੰ ਪੰਜਾਬ ਵਿਚ ਰਲੀਜ਼ ਨਹੀਂ ਹੋ ਸਕੀ ਸੀ। ਸਿੱਖ ਭਾਈਚਾਰੇ ਵੱਲੋਂ ਫਿਲਮ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਸੀ। ਦੂਜੇ ਪਾਸੇ ਡੇਰਾ ਸਿਰਸਾ ਦੇ ਸਮਰਥਕਾਂ ਨੇ ਫਿਲਮ ਰਿਲੀਜ਼ ਨਾ ਕਰਨ ’ਤੇ ਵੱਡੀ ਗਿਣਤੀ ਵਿੱਚ ਰੇਲ ਗੱਡੀਆਂ ਰੋਕੀਆਂ ਸਨ ਤੇ ਰੋਸ ਵਿਖਾਵੇ ਕੀਤੇ ਸਨ। ਇਸ ਦੌਰਾਨ ਦੇਸ਼ ਭਰ ਵਿੱਚ ਫਿਲਮ ਨੂੰ ਮਾਇਕ ਨੁਕਸਾਨ ਹੋ ਰਿਹਾ ਸੀ। ਉਨ੍ਹਾਂ ਆਖਿਆ ਕਿ 24 ਸਤੰਬਰ 2015 ਨੂੰ ਵੀਰਵਾਰ ਸੀ ਅਤੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ਦਾ ਫੈਸਲਾ ਇਸੇ ਲਈ ਕੀਤਾ ਗਿਆ ਸੀ, ਤਾਂ ਜੋ ਅਗਲੇ ਦਿਨ ਸ਼ੁੱਕਰਵਾਰ ਉਸ ਦੀ ਫਿਲਮ ਰਿਲੀਜ਼ ਹੋ ਸਕੇ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਪ੍ਰਧਾਨ, ਜੋ ਬਹਿਬਲ ਕਲਾਂ ਗੋਲੀ ਕਾਂਡ ਵੇਲੇ ਸੂਬੇ ਦੇ ਗ੍ਰਹਿ ਮੰਤਰੀ ਵੀ ਸਨ, ਨੂੰ ਲੋਕਾਂ ਸਾਹਮਣੇ ਇਹ ਜਵਾਬ ਦੇਣਾ ਪਵੇਗਾ ਕਿ ਉਸ ਦਿਨ ਜਾਪ ਕਰ ਰਹੀ ਅਤੇ ਸ਼ਾਂਤਮਈ ਬੈਠੀ ਸੰਗਤ ਤੇ ਗੋਲੀ ਚਲਾਉਣ ਦੇ ਆਦੇਸ਼ ਕਿਸ ਨੇ ਦਿੱਤੇ ਸਨ? ਉਨ੍ਹਾਂ ਆਖਿਆ ਕਿ ਜਦੋਂ ਤਕ ਉਹ ਲੋਕਾਂ ਨੂੰ ਇਸ ਬਾਰੇ ਜਵਾਬ ਨਹੀਂ ਦੇਣਗੇ, ਉਹ ਵਾਰ ਵਾਰ ਇਹ ਸਵਾਲ ਪੁੱਛਦੇ ਰਹਿਣਗੇ। ਉਨ੍ਹਾਂ ਇਹ ਦੋਸ਼ ਲਾਇਆ ਕਿ ਗੋਲੀ ਕਾਂਡ ਤੋਂ ਪਹਿਲਾਂ ਰਾਤ ਦੋ ਵਜੇ ਡੀਜੀਪੀ ਨਾਲ ਫੋਨ ’ਤੇ ਹੋਈ ਗੱਲਬਾਤ ਕਿਸੇ ਹੋਰ ਦੀ ਨਹੀਂ ਸਗੋਂ ਉਸ ਵੇਲੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹੋਈ ਸੀ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਲਈ ਬਣਾਈ ਜਾਣ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਨਿਰਧਾਰਤ ਸਮੇਂ ਵਿੱਚ ਕੀਤੀ ਜਾਵੇਗੀ। ਗੁਰਦੁਆਰਾ ਕਰਤਾਰਪੁਰ ਲਾਂਘਾ ਜਲਦੀ ਖੁੱਲ੍ਹਵਾਉਣ ਵਾਸਤੇ ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਨੁਮਾਇੰਦੇ ਪ੍ਰਧਾਨ ਮੰਤਰੀ ਨੂੰ ਮਿਲਣਗੇ। ਉਨ੍ਹਾਂ ਦੋਸ਼ ਲਾਇਆ ਕਿ ਨਰਿੰਦਰ ਮੋਦੀ ਦੀ ਸਰਕਾਰ ਵੇਲੇ ਦੇਸ਼ ਵਿਚ ਮਹਿੰਗਾਈ ਸਿਖਰ ਨੂੰ ਛੂਹ ਰਹੀ ਹੈ।