ਸਿਰਸਾ, ਡੇਰਾ ਸਿਰਸਾ ਦੇ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਅਤੇ ਡੇਰੇ ਅੰਦਰਲੇ ਸੱਚ ਦੀਆਂ ਖ਼ਬਰਾਂ ਅਖ਼ਬਾਰਾਂ ਤੇ ਟੀਵੀ ਚੈਨਲਾਂ ਵੱਲੋਂ ਨਸ਼ਰ ਕੀਤੇ ਜਾਣ ਤੋਂ ਗੁੱਸੇ ਵਿੱਚ ਆਏ ਡੇਰਾ ਪੈਰੋਕਾਰਾਂ ਨੇ ਮੁੜ ਪੱਤਰਕਾਰਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਸਿਰਸਾ ਦੇ ਇੱਕ ਸਥਾਨਕ ਪੱਤਰਕਾਰ ਨੇ ਇਸ ਦੀ ਸ਼ਿਕਾਇਤ ਪੁਲੀਸ ਕੋਲ ਕੀਤੀ ਹੈ, ਜਿਸ ਮਗਰੋਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹਾਲੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਧਮਕੀਆਂ ਮਿਲਣ ਕਾਰਨ ਪੱਤਰਕਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪੱਤਰਕਾਰ ਨਵਦੀਪ ਸੇਤੀਆ ਨੂੰ ਖ਼ਬਰਾਂ ਪ੍ਰਕਾਸ਼ਿਤ ਕੀਤੇ ਜਾਣ ’ਤੇ ਮਿਲੀਆਂ ਧਮਕੀਆਂ ਦੀ ਸ਼ਿਕਾਇਤ ਸਿਟੀ ਥਾਣਾ ਵਿੱਚ ਦਰਜ ਕੀਤੀ ਗਈ ਹੈ।