ਪਟਿਆਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਸਿਰਸਾ ਦੇ ਪ੍ਰਭਾਵ ਵਾਲੇ ਇਲਾਕਿਆਂ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਮਾਲਵਾ ਖ਼ਿੱਤੇ ਵਿੱਚ ਗੁਰਮਤਿ ਸਰਗਰਮੀਆਂ ਵਧਾਉਣ ਦਾ ਪ੍ਰੋਗਰਾਮ ਵਿਉਂਤਿਆ ਜਾ ਰਿਹਾ ਹੈ। ਇਹ ਕੜੀ ਵਜੋਂ 25 ਸਤੰਬਰ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ ਵਿਖੇ ਗੁਰਮਤਿ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਗੁਰਦੁਆਰਿਆਂ ਦੇ ਮੈਨੇਜਰਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੈਠਕ ਕੀਤੀ। ਪਟਿਆਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਉਣ ਤੋਂ ਬਾਅਦ ਪਾਤੜਾਂ ਇਲਾਕੇ ਵਿੱਚ ਅਗਲਾ ਗੁਰਮਤਿ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਹਨ। ਇਸ ਬੈਠਕ ਵਿੱਚ ਗੁਰਦੁਆਰਿਆਂ ਦੇ ਮੈਨੇਜਰਾਂ ਦੀਆਂ ਸਮਾਗਮ ਸਬੰਧੀ ਡਿਊਟੀਆਂ ਲਾਈਆਂ ਗਈਆਂ। ਡੇਰਾ ਸਿਰਸਾ ਦੇ ਪ੍ਰਭਾਵ ਵਾਲੇ ਇਲਾਕਿਆਂ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਗੁਰਮਤਿ ਸਮਾਗਮਾਂ ਵਿੱਚ ਵੱਡੀ ਤਾਦਾਦ ’ਚ ਸੰਗਤ ਦਾ ਇੱਕਠ ਕਰਨ ’ਤੇ ਜ਼ੋਰ ਦਿੱਤਾ ਗਿਆ।