ਸ੍ਰੀ ਆਨੰਦਪੁਰ ਸਾਹਿਬ, 29 ਮਾਰਚ

ਫ਼ਰਾਰ ਅੰਮ੍ਰਿਤਪਾਲ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰ ਸਕਦਾ ਹੈ। ਇਸ ਗੱਲ ਦੀ ਸੰਭਾਵਨਾ ਦੇ ਮੱਦੇਨਜ਼ਰ ਤਖ਼ਤ ਕੇਸਗੜ੍ਹ ਸਾਹਿਬ ਦੇ ਨਜ਼ਦੀਕ ਭਾਰੀ ਗਿਣਤੀ ‘ਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਕਨਸੋਆ ਹਨ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦਿਆਂ ਅੰਮ੍ਰਿਤਪਾਲ ਸਿੰਘ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੀਡੀਆ ਦੇ ਸਾਹਮਣੇ ਆਤਮ-ਸਮਰਪਣ ਕਰ ਸਕਦਾ ਹੈ। ਤਖ਼ਤ ਕੇਸਗੜ੍ਹ ਸਾਹਿਬ ਆਉਣ ਵਾਲੇ ਰਸਤਿਆਂ ‘ਚ ਪੁਲੀਸ ਦੀ ਤਾਇਨਾਤੀ ਦਰਸਾਉਂਦੀ ਹੈ ਕਿ ਪੁਲੀਸ ਕੋਲ ਇਸ ਸਬੰਧੀ ਅਹਿਮ ਜਾਣਕਾਰੀ ਹੈ ਕਿ ਅੰਮ੍ਰਿਤਪਾਲ ਸਿੰਘ ਕਿਸੇ ਵੀ ਸਮੇਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਸਕਦਾ ਹੈ ਅਤੇ ਆਤਮ ਸਮਰਪਣ ਕਰ ਸਕਦਾ ਹੈ। ਇਸ ਸਬੰਧੀ ਕੋਈ ਵੀ ਉੱਚ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ। ਥਾਣਾ ਮੁਖੀ ਸਿਮਰਨਜੀਤ ਸਿੰਘ ਨੇ ਕਿਹਾ ਕਿ ਇਹ ਕੇਵਲ ਅਫ਼ਵਾਹ ਹੈ, ਅੰਮ੍ਰਿਤਪਾਲ ਸਿੰਘ ਬਾਰੇ ਕਈ ਅਫਵਾਹਾਂ ਉੱਡ ਰਹੀਆਂ ਹਨ। ਜਦੋਂ ਤਖਤ ਕੇਸਗੜ੍ਹ ਸਾਹਿਬ ਵਿਖੇ ਪੁਲੀਸ ਫੋਰਸ ਦੀ ਤਾਇਨਾਤੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਅਜਿਹਾ ਕੀਤਾ ਗਿਆ ਹੈ। ਦੂਜੇ ਪਾਸੇ ਜਦੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨਾਲ ਇਸ ਸਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਖ਼ਬਰ ਨਹੀਂ ਪਰ ਪੁਲੀਸ ਫੋਰਸ ਤਾਇਨਾਤ ਜ਼ਰੂਰ ਹੋ ਰਹੀ ਹੈ।