ਤਰਨਤਾਰਨ ਹਲਕੇ ਵਿਚ ਜਿਮਨੀ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਵੱਲੋਂ ਨਾਮਜਦਗੀ ਦਾਖਲ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਗੁਲਜਾਰ ਸਿੰਘ ਰਣੀਕੇ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸ਼ਕਤੀ ਪ੍ਰਦਰਸ਼ਨ ਲਈ ਤਰਨਤਾਰਨ ਵਿਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਸਮਰਥਨ ਵਿਚ ਸ਼ਾਮਲ ਹੋਏ। ਇਸ ਦੇ ਨਾਲ ਹੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਵੀ ਸ਼ਾਮਲ ਮੌਜੂਦ ਰਹੇ।
ਰੋਡ ਸ਼ੋਅ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਚੱਬਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਲੰਘਿਆ ਅਤੇ ਫਿਰ ਸ਼ਹਿਰ ਵਿੱਚ ਸਮਾਪਤ ਹੋਇਆ। ਇਸ ਵਿੱਚ ਵੱਡੀ ਗਿਣਤੀ ਵਿਚ ਵਾਹਨ ਤੇ ਅਕਾਲੀ ਵਰਕਰ ਪ੍ਰਿੰਸਪੀਲ ਸੁਖਵਿੰਦਰ ਕੌਰ ਰੰਧਾਵਾ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਸ਼ਾਮਲ ਹੋਏ। ਅਕਾਲੀ ਆਗੂਆਂ ਨੇ ਕਿਹਾ ਕਿ ਤਰਨਤਾਰਨ ਦੇ ਲੋਕਾਂ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ ਕਿਉਂਕਿ ਉਹ ਜਿੱਤ ਕੇ ਪੰਥ ਦੀ ਅਵਾਜ ਬੁਲੰਦ ਕਰਨਗੇ।  ਸੁਖਬੀਰ ਬਾਦਲ ਨੇ ਰੋਡ ਸ਼ੋਅ ਨੂੰ ਜਬਰਦਸਤ ਹੁੰਗਾਰਾ ਦੇਣ ਲਈ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਤਰਨਤਾਰਨ ਦੇ ਵੋਟਰ ਧਰਮੀ ਫੌਜੀ ਪਰਿਵਾਰ ਦੀ ਕੁਰਬਾਨੀ ਦਾ ਸਨਮਾਨ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਆਪਣੀ ਇੱਕੋ ਇੱਕ ਖੇਤਰੀ ਪਾਰਟੀ ਚੋਣ ਜਿੱਤੇ।