ਚੰਡੀਗੜ੍ਹ, 24 ਮਾਰਚ
ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਸ੍ਰੀ ਜਿੰਪਾ ਨੇ ਕਿਹਾ ਕਿ ਆਮ ਲੋਕਾਂ ਨੂੰ ਤਹਿਸੀਲ ਪੱਧਰ ’ਤੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਦੇਣ ਲਈ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕੰਮਕਾਜ ਅਤੇ ਕਾਰਜਗੁਜ਼ਾਰੀ ਵਿੱਚ ਸੁਧਾਰ ਕੀਤਾ ਜਾਵੇਗਾ। ਸ੍ਰੀ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਕੁਦਰਤੀ ਸੋਮਿਆਂ ਨੂੰ ਬਚਾਉਣਾ ਹੋਵੇਗਾ। ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਸਰਕਾਰ ਮੀਂਹ ਦੇ ਪਾਣੀ ਦੀ ਸੰਭਾਲ ਲਈ ਵੱਡੇ ਪੱਧਰ ’ਤੇ ਪ੍ਰਾਜੈਕਟਾਂ ਨੂੰ ਅੱਗੇ ਵਧਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲਾਂ ਦੇ ਬੋਝ ਨੂੰ ਘਟਾਉਣ ਲਈ ਸਾਧਾਰਨ ਪਾਵਰ ਪੰਪਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੰਪਾਂ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਦੇ ਪਰਿਵਾਰਕ ਮੈਂਬਰ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਵਿਜੈ ਕੁਮਾਰ ਜੰਜੂਆ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।