ਚੰਡੀਗੜ੍ਹ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਜਿਸ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ। ਮੀਟਿੰਗ ਵਿੱਚ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ.ਬੀ.ਐਸ.ਘੁੰਮਣ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਸ੍ਰੀ ਜਸਪਾਲ ਸਿੰਘ ਸੰਧੂ, ਕੰਵਲਜੀਤ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰਸ਼ਾਂਤ ਗੌਤਮ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਸ੍ਰੀ ਸਿੱਧੂ ਨੇ ਕਿਹਾ ਕਿ ਅਗਲੇ ਸਾਲ 2019 ਵਿੱਚ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੂਬਾ ਸਰਕਾਰ ਵੱਡੇ ਪੱਧਰ ’ਤੇ ਮਨਾਏਗੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਸਾਰੀ ਦੁਨੀਆਂ ਦਾ ਭਲਾ ਮੰਗਣ ਦਾ ਸੰਦੇਸ਼ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਮੇਟੀਆਂ ਦਾ ਮੰਤਵ ਕਾਲੀ ਵੇਈਂ ਦੀ ਸਫਾਈ ਤੇ ਸਵੱਛ ਸੁਲਤਾਨਪੁਰ ਲੋਧੀ ਮੁਹਿੰਮ ਚਲਾਉਣਾ, ਗੁਰੂ ਨਾਨਕ ਦੇਵ ਬਾਰੇ ਵੱਖ-ਵੱਖ ਯੂਨੀਵਰਸਿਟੀ-ਕਾਲਜਾਂ ਵਿੱਚ ਸੈਮੀਨਾਰ, ਸਾਹਿਤਕ ਮੁਕਾਬਲੇ, ਗੁਰਬਾਣੀ ਉਚਾਰਨ ਤੇ ਸ਼ਬਦ ਗਾਇਨ ਮੁਕਾਬਲੇ, ਪੇਂਟਿੰਗ ਅਤੇ ਫੋਟੋ ਪ੍ਰਦਰਸ਼ਨੀਆਂ ਕਰਵਾਉਣੀਆਂ, ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਪੰਜਾਬ ਤੋਂ ਬਾਹਰ ਕਿਸੇ ਦੋ ਥਾਂ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਤ ਕਰਨਾ, 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸ਼ਾਨਦਾਰ ਮਿਸਾਲੀ ਯਾਦਗਾਰ ਸਥਾਪਤ ਕਰਨਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਕਮੇਟੀਆਂ ’ਚ ਕਾਰਪੋਰੇਟ ਘਰਾਣੇ ਵੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਸਮਾਜ, ਧਾਰਮਿਕ ਸਖਸ਼ੀਅਤਾਂ ਤੇ ਸੰਸਥਾਵਾਂ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵੱਖ-ਵੱਖ ਕਮੇਟੀਆਂ ਵਿੱਚ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਤੇ ਵਿਧਾਇਕ ਵੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਇਕ ਵੱਕਾਰੀ ਈਵੈਂਟ ਮੈਨੇਜਮੈਂਟ ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਇਨ੍ਹਾਂ ਸਮਾਗਮਾਂ ਨਾਲ ਪੰਜਾਬ ਤੋਂ ਬਾਹਰ ਦੇਸ਼ ਅਤੇ ਵਿਦੇਸ਼ਾਂ ਦੀ ਸੰਗਤ ਨੂੰ ਜੋੜਨ ਲਈ ‘ਇੰਟਰਨੈਸ਼ਨਲ ਆਊਟਰੀਚ ਕਮੇਟੀ’ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਕੇਂਦਰੀ ਪੱਧਰ ’ਤੇ ਕਮੇਟੀ ਬਣਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੂੰ ਪੱਤਰ ਲਿਖ ਕੇ ਦੇਸ਼ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਥਾਵਾਂ ਨੂੰ ਗੁਰੂ ਨਾਨਕ ਮਾਰਗ ਰਾਹੀਂ ਜੋੜਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਸਮਾਗਮਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਹੋਵੇਗਾ।