ਨਵੀਂ ਦਿੱਲੀ, 17 ਮਾਰਚ

ਦਲ ਖਾਲਸਾ ਦੇ ਸੰਸਥਾਪਕ ਅਤੇ ਸਾਬਕਾ ਖਾਲਿਸਤਾਨ ਪੱਖੀ ਆਗੂ ਜਸਵੰਤ ਸਿੰਘ ਠੇਕੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਿੱਖਾਂ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਹੈ। ਸ੍ਰੀ ਠੇਕੇਦਾਰ ਨੇ ਕਿਹਾ, ‘ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਅਤੇ ਸਿੱਖ ਧਰਮ ਲਈ ਬਹੁਤ ਕੁਝ ਕੀਤਾ ਹੈ। ਉਹ ਸਾਡੇ ਭਾਈਚਾਰੇ ਨੂੰ ਪਿਆਰ ਕਰਦੇ ਹਨ। ਉਨ੍ਹਾਂ ਨੇ ਬਹੁਤ ਕੁਝ ਕੀਤਾ ਹੈ। ਬਲੈਕਲਿਸਟਾਂ ਨੂੰ ਖਤਮ ਕੀਤਾ, ਕਰਤਾਰਪੁਰ ਲਾਂਘਾ ਖੋਲ੍ਹਿਆ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ’ਚ ਕੌਮੀ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਵੱਲੋਂ ਰੱਖੀਆਂ ਪ੍ਰਮੁੱਖ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ। ਸਿਰਫ਼ ਕੁਝ ਮੰਗਾਂ ਹੀ ਪੂਰੀਆਂ ਹੋਣੀਆਂ ਬਾਕੀ ਹਨ। 23 ਫਰਵਰੀ ਨੂੰ ਅੰਮ੍ਰਿਤਸਰ ਦੇ ਅਜਨਾਲਾ ਵਿਖੇ ਪੁਲੀਸ ਨਾਲ ਝੜਪ ਤੋਂ ਬਾਅਦ ਸੁਰਖੀਆਂ ਵਿਚ ਆਏ ਖਾਲਿਸਤਾਨ ਪੱਖੀ ਆਗੂ ਅਤੇ ‘ਪੰਜਾਬ ਵਾਰਿਸ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਠੇਕੇਦਾਰ ਨੇ ਕਿਹਾ ਕਿ ਉਹ ਖਾਲਿਸਤਾਨ ਬਾਰੇ ਕੁਝ ਨਹੀਂ ਜਾਣਦਾ। ਉਨ੍ਹਾਂ ਕਿਹਾ ਕਿ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਵੇਗਾ। ਅੰਮ੍ਰਿਤਪਾਲ ਖਾਲਿਸਤਾਨੀ ਨਹੀਂ ਹੈ, ਉਸ ਨੂੰ ਇਸ ਬਾਰੇ ਕੁਝ ਨਹੀਂ ਪਤਾ ਪਰ ਉਸ ਨੇ ਖਾਲਿਸਤਾਨ ਦੇ ਨਾਂ ‘ਤੇ ਬਹੁਤ ਪੈਸਾ ਜ਼ਰੂਰ ਕਮਾਇਆ ਹੈ। ਮੈਨੂੰ ਨਹੀਂ ਲੱਗਦਾ ਕਿ ਉਹ ਅੱਗੇ ਜਾ ਕੇ ਆਪਣੇ ਮਨਸੂਬਿਆਂ ‘ਚ ਕਾਮਯਾਬ ਹੋਵੇਗਾ। ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਵੱਲੋਂ ਕੁਝ ਪੱਛਮੀ ਦੇਸ਼ਾਂ ਵਿੱਚ ਖਾਲਿਸਤਾਨ ਰਾਇਸ਼ੁਮਾਰੀ ਦੀਆਂ ਕੋਸ਼ਿਸ਼ਾਂ ਨੂੰ ‘ਪਾਖੰਡ’ ਅਤੇ ਇਸ ਪਿੱਛੇ ਪਾਕਿਸਤਾਨ ਦੀ ਆਈਐੱਸਆਈ ਦਾ ਹੱਥ ਕਰਾਰ ਦਿੰਦਿਆਂ ਸ੍ਰੀ ਠੇਕੇਦਾਰ ਨੇ ਕਿਹਾ ਕਿ ਇਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਅਤੇ ਇਸ ਦਾ ਭਾਰਤੀ ਸਿੱਖਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।