ਐਸ.ਏ.ਐਸ.ਨਗਰ (ਮੁਹਾਲੀ), ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰਨਾ ਕਾਲਜ ਪ੍ਰਬੰਧਕ ਕਮੇਟੀ ਦੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਅਕਾਲੀ ਦਲ ਨੂੰ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।  ਉਨ੍ਹਾਂ ਕਿਹਾ ਕਿ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਸੰਸਦ ਵਿੱਚ ਐਲਾਨ ਕੀਤਾ ਸੀ ਕਿ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ ਤੇ ਉਸ ਵੇਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਅਤੇ ਭਾਜਪਾ ਦੇ ਖੂਬ ਸੋਹਲੇ ਗਾਏ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਕਾਲਜ ਦਾ ਨਾਂ ਬਦਲਣ ਕਾਰਨ ਪੰਜਾਬੀਆਂ ਦੇ ਭਾਵਨਾਵਾਂ ਨੂੰ ਠੇਸ ਪੁੱਜੀ ਹੈ।