ਦਿੜ੍ਹਬਾ ਤੋਂ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਰਾ ਵੱਲੋਂ ਆਪਣੇ ਹੀ ਸਕੇ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜ਼ਮੀਨ ਅਤੇ ਘਰੇਲੂ ਕਲੇਸ਼ ਦੇ ਚੱਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਵੱਡਾ ਭਰਾ ਫਰਾਰ ਹੋ ਗਿਆ ਜਿਸ ਦੀ ਭਾਲ ਵਾਸਤੇ ਪੁਲਿਸ ਵੱਲੋਂ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ (38 ਸਾਲ) ਨੇ ਸੁਖਵਿੰਦਰ ਸਿੰਘ (32 ਸਾਲ) ਪੁੱਤਰ ਜਰਨੈਲ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਸੁਖਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੱਸ ਦਈਏ ਕਿ ਮ੍ਰਿਤਿਕ ਸੁਖਵਿੰਦਰ ਸਿੰਘ ਟਰੱਕ ਯੂਨੀਅਨ ਦਾ ਸਾਬਕਾ ਪ੍ਰਧਾਨ ਸੀ।
ਦਿੜ੍ਹਬਾ ਦੇ SHO ਦਰਸ਼ਨ ਸਿੰਘ ਦੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਆਪਣੇ ਛੋਟੇ ਭਰਾ ਸੁਖਵਿੰਦਰ ਸਿੰਘ ਉਰਫ ਡੀਸੀ ਖਰੋੜ ਨੂੰ ਬੰਦੂਕ ਚਲਾ ਕੇ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵੇਂ ਭਰਾਵਾਂ ਦਾ ਜ਼ਮੀਨ ਨੂੰ ਲੈਕੇ ਕੋਈ ਝਗੜਾ ਚੱਲ ਰਿਹਾ ਸੀ ਜਿਸ ਨੂੰ ਹੱਲ ਕਰਵਾਉਣ ਲਈ ਸਕੇ ਸੰਬੰਧੀਆਂ ਵਿੱਚ ਗੱਲਬਾਤ ਚੱਲ ਰਹੀ ਸੀ। ਇਸ ਦਰਮਿਆਨ ਦੋਵੇਂ ਭਰਾਂ ਆਪਸ ਵਿੱਚ ਹੱਥੋਪਾਈ ਹੋ ਗਈ।
ਜਿਸ ਤੋਂ ਬਾਅਦ ਸੁਖਵਿੰਦਰ ਸਿੰਘ DC ਖਰੋੜ ਦੇ ਉਸ ਦੇ ਵੱਡੇ ਭਰਾ ਹਰਜਿੰਦਰ ਸਿੰਘ ਨੇ ਫਾਇਰ ਮਾਰ ਕੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ ਅਤੇ ਉਕਤ ਵਿਅਕਤੀ ਹਰਜਿੰਦਰ ਸਿੰਘ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਪਾਰਟੀ ਉਸ ਦੀ ਭਾਲ ਵਿੱਚ ਜੁਟੀ ਹੋਈ ਹੈ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।