ਨਵੀ ਦਿੱਲੀ : ਦਿੱਲੀ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਰਾਜਸਥਾਨ ਦੇ ਜੈਪੁਰ ਸ਼ਹਿਰ ਵਿੱਚ ਵੀ ਅੱਜ ਬਾਰਿਸ਼ ਦਾ ਅਸਰ ਦੇਖਣ ਨੂੰ ਮਿਲਿਆ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਨੇ ਰਾਜਸਥਾਨ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਾਰਿਸ਼ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਵਿੱਚ ਵੀ ਬਾਰਿਸ਼ ਦਾ ਅਲਰਟ ਜਾਰੀ ਹੈ।

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਅਤੇ ਤੂਫ਼ਾਨ ਦਾ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਕ ਰੂਪ ਵਿੱਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਦੇ ਮੁਤਾਬਕ ਅੱਜ ਬੁੱਧਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ (ਝੱਖੜ) ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਵੀ ਸੰਭਾਵਨਾ ਹੈ।

ਹਰਿਆਣਾ ਦੇ ਹਿਸਾਰ, ਰੇਵਾੜੀ, ਫ਼ਤਿਹਾਬਾਦ ਅਤੇ ਮਹਿੰਦਰਗੜ੍ਹ ਵਿੱਚ ਅੱਜ ਸਵੇਰੇ ਕਈ ਥਾਵਾਂ ਤੇ ਮੀਂਹ ਪਿਆ। ਸੂਬੇ ਵਿੱਚ ‘ਵੈਸਟਰਨ ਡਿਸਟਰਬੈਂਸ’ ਮੰਗਲਵਾਰ ਰਾਤ ਨੂੰ ਹੀ ਸਰਗਰਮ ਹੋ ਗਿਆ ਸੀ, ਜਿਸ ਤੋਂ ਬਾਅਦ ਹਿਸਾਰ ਅਤੇ ਸਿਰਸਾ ਵਿੱਚ ਤੇਜ਼ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ 8 ਜ਼ਿਲ੍ਹਿਆਂ – ਸਿਰਸਾ, ਫ਼ਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਨੂਹ, ਰੇਵਾੜੀ ਅਤੇ ਮਹਿੰਦਰਗੜ੍ਹ ਵਿੱਚ ਬਾਰਿਸ਼ ਦਾ ‘ਆਰੇਂਜ ਅਲਰਟ’ ਜਾਰੀ ਕੀਤਾ ਹੈ।

ਇੱਥੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਕੜਕਣ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਗੁਰੂਗ੍ਰਾਮ, ਰੋਹਤਕ, ਜੀਂਦ, ਕੈਥਲ, ਪਾਣੀਪਤ, ਫ਼ਰੀਦਾਬਾਦ ਸਮੇਤ ਹੋਰ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ, ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।