ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਲਾਗੂ ਕਰਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਕੈਪਟਨ ਸਰਕਾਰ ਪੰਜਾਬ ਵਿੱਚ ਹੀ ਰੋਕ ਕੇ ਜ਼ਲੀਲ ਕਰ ਰਹੀ ਹੈ। ਉਨ੍ਹਾਂ ਹਰਿਆਣਾ ਵਿੱਚ ਭਾਜਪਾ ਦੀ ਖੱਟਰ ਸਰਕਾਰ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰ ਕੇ ਕੇਸ ਦਰਜ ਕਰਨ ਦੀ ਕਾਰਵਾਈ ਦੀ ਵੀ ਆਲੋਚਨਾ ਕੀਤੀ।‘ਆਪ’ ਆਗੂ ਨੇ ਦੱਸਿਆ ਕਿ ਸੁਨਾਮ ਹਲਕੇ ਦੀ ਚੀਮਾ ਮੰਡੀ ’ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੈਂਕੜੇ ਕਿਸਾਨਾਂ ਨੂੰ ਅਣਐਲਾਨੀ ਹਿਰਾਸਤ ਵਿੱਚ ਲੈ ਲਿਆ ਗਿਆ। ਸ੍ਰੀ ਅਰੋੜਾ ਨੇ ਚੀਮਾ ਮੰਡੀ ਜਾ ਕੇ ਕਿਸਾਨਾਂ ਦੇ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੇ ਇਸ ਬੇਲੋੜੇ ਕਦਮ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਅਤੇ ਸੱਤਾਧਾਰੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦੇ ਲਾਗੂ ਕਰਾਉਣ ਲਈ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ।