ਭਵਾਨੀਗੜ੍ਹ , 21 ਦਸੰਬਰ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 20 ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਰਹੇ ਨੇੜਲੇ ਪਿੰਡ ਬਾਲਦ ਕਲਾਂ ਦੇ ਕਿਸਾਨ ਹਾਕਮ ਸਿੰਘ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਭਵਾਨੀਗੜ੍ਹ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਨੇ ਦੱਸਿਆ ਕਿ ਹਾਕਮ ਸਿੰਘ 35 -40 ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ ਸੰਗਰੂਰ ’ਤੇ ਲਗਾਏ ਧਰਨੇ ਵਿੱਚ ਸ਼ਾਮਲ ਹੁੰਦਾ ਰਿਹਾ ਸੀ ਅਤੇ ਹੁਣ 20 ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਸਿਹਤ ਖਰਾਬ ਹੋਣ ਕਾਰਨ ਹਾਕਮ ਸਿੰਘ ਬਾਲਦ ਕਲਾਂ ਪਿੰਡ ਆ ਗਿਆ ਸੀ । ਬੀਤੀ ਸ਼ਾਮ ਉਸ ਦੀ ਹਾਲਤ ਵਿਗੜ ਗਈ। ਉਸ ਨੂੰ ਤੁਰਤ ਸਥਾਨਕ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵਾਂ ਆਗੂਆਂ ਨੇ ਹਾਕਮ ਸਿੰਘ ਨੂੰ ਕਿਸਾਨ ਮੋਰਚੇ ਦਾ ਸ਼ਹੀਦ ਐਲਾਨਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।