ਨਵੀਂ ਦਿੱਲੀ :ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਬਾਰੇ ਕਮੇਟੀ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਵਿਰੁੱਧ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਲਈ ਤਲਬ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੇ ਪੈਨਲ ਨੇ ਕਿਹਾ ਕਿ ਕਮੇਟੀ ਨੂੰ ਕੰਗਨਾ ਵੱਲੋਂ ਇੰਸਟਾਗ੍ਰਾਮ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਬਾਰੇ ਕਈ ਸ਼ਿਕਾਇਤਾਂ ਮਿਲੀਆਂ ਹਨ। ਸ਼ਿਕਾਇਤਕਰਤਾਵਾਂ ਅਨੁਸਾਰ ਅਦਾਕਾਰਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ’ਚ ‘ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ’ ਅਤੇ ‘ਸਮਾਜ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਪ੍ਰਵਿਰਤੀ’ ਦਾ ਹਵਾਲਾ ਦਿੱਤਾ ਗਿਆ ਹੈ। ਕਮੇਟੀ ਅਨੁਸਾਰ ਸ਼ਿਕਾਇਤਾਂ ਵਿੱਚ ਕਿਹਾ ਗਿਆ ਹੈ ਕਿ ਅਦਾਕਾਰਾ ਨੇ ਕਥਿਤ ਤੌਰ ’ਤੇ ਸਿੱਖ ਭਾਈਚਾਰੇ ਨੂੰ ਖਾਲਿਸਤਾਨੀ-ਅਤਿਵਾਦੀ ਕਿਹਾ ਹੈ, ਜਿਸ ਨਾਲ ਭਾਈਚਾਰੇ ਦਾ ਅਪਮਾਨ ਹੋਇਆ ਹੈ। ਅਦਾਕਾਰ ਨੂੰ 6 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ‘ਆਪ’ ਵੱਲੋਂ ਜਾਰੀ ਇੱਕ ਬਿਆਨ ’ਚ ਲਿਖਿਆ ਗਿਆ ਹੈ, ‘ਇਨ੍ਹਾਂ ਸਾਰੇ ਮੁੱਦਿਆਂ ਦੀ ਗੰਭੀਰਤਾ ਅਤੇ ਮਹੱਤਤਾ ਨੂੰ ਦੇਖਦੇ ਹੋਏ ਵਿਧਾਇਕ ਰਾਘਵ ਚੱਢਾ ਦੀ ਪ੍ਰਧਾਨਗੀ ਹੇਠਲੀ ਸ਼ਾਂਤੀ ਅਤੇ ਸਦਭਾਵਨਾ ਬਾਰੇ ਕਮੇਟੀ ਨੇ ਮੌਜੂਦਾ ਮੁੱਦੇ ’ਤੇ ਵਧੇਰੇ ਵਿਆਪਕ ਅਤੇ ਇਕਸਾਰ ਤਰੀਕੇ ਨਾਲ ਵਿਚਾਰ ਕਰਨ ਲਈ ਕੰਗਨਾ ਰਣੌਤ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਲਈ ਸੰਮਨ ਕੀਤਾ ਹੈ। ਸਿੱਖ ਭਾਈਚਾਰੇ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਭਾਸ਼ਾ ਵਰਤਣ ਦੇ ਦੋਸ਼ ਹੇਠ ਮੰਗਲਵਾਰ ਨੂੰ ਮੁੰਬਈ ਵਿੱਚ ਕੰਗਨਾ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ।