ਨਵੀਂ ਦਿੱਲੀ, 17 ਦਸੰਬਰ

ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਚੌਥੇ ਹਫ਼ਤੇ ਵਿੱਚ ਦਾਖਲ ਹੋ ਗਿਆ ਹੈ ਅਤੇ ਹੁਣ ਵੀ ਹਜ਼ਾਰਾਂ ਕਿਸਾਨ ਦਿੱਲੀ ਸਰਹੱਦ ’ਤੇ ਡਟੇ ਹੋਏ ਹਨ। ਹਲਾਂਕਿ ਸੁਪਰੀਮ ਕੋਰਟ ਨੇ ਜਾਰੀ ਜਮੂਦ ਖ਼ਤਮ ਕਰਨ ਲਈ ਇਕ ਕਮੇਟੀ ਦਾ ਗਠਨ ਕਰਨ ਦੀ ਗੱਲ ਕਹੀ ਹੈ। ਬੁੱਧਵਾਰ ਨੂੰ ਅਦਾਲਤ ਨੇ ਇਸ ਦਾ ਨੋਟਿਸ ਲਿਆ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਬੇਸਿੱਟਾ ਰਹੀ। ਅਦਾਲਤ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਸਰਕਾਰ ਵਿਚਾਲੇ ਜਾਰੀ ਜਮੂਦ ਖਤਮ ਕਰਨ ਲਈ ਦੋਵਾਂ ਧਿਰਾਂ ਦੇ ਪ੍ਰਤੀਨਿਧਾਂ ਦੀ ਇਕ ਕਮੇਟੀ ਬਣਾਏਗੀ ਪਰ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਕੋਈ ਹੱਲ ਨਹੀਂ ਹੈ। ਕੌਮੀ ਰਾਜਧਾਨੀ ਦੇ ਮੁੱਖ ਮਾਰਗਾਂ ’ਤੇ 22 ਵੇਂ ਦਿਨ ਵੀਰਵਾਰ ਨੂੰ ਵੀ ਪ੍ਰਦਰਸ਼ਨ ਕਾਰਨ ਜਾਮ ਹੈ। ਕਿਸਾਨ ਸਿੰਘੂ, ਟਿਕਰੀ ਅਤੇ ਗਾਜੀਪੁਰ ਬਾਰਡਰ ’ਤੇ ਡਟੇ ਹੋਏ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲੀਸ ਨੇ ਲੋਕਾਂ ਨੂੰ ਬਦਲਵੇ ਰਸਤਿਆਂ ਥਾਈਂ ਆਵਾਜਾਈ ਕਰਨ ਲਈ ਕਿਹਾ ਹੈ।