ਨਵੀਂ ਦਿੱਲੀ, 22 ਦਸੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਨ ਅਤੇ ਲੋੜ ਪੈਣ ‘ਤੇ ਨੀਤੀਗਤ ਕਾਰਵਾਈ ‘ਤੇ ਵਿਚਾਰ ਕਰਨ ਲਈ ਅੱਜ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਰੋਨਾ ਨੂੰ ਦੇਖਦਿਆਂ ਸਖ਼ਤ ਨਿਗਰਾਨੀ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਬਜ਼ੁਰਗਾਂ ਨੂੰ ਬੂਸਟਰ ਡੋਜ਼ ਲਗਵਾਉਣ, ਜੀਨੋਮ ਸੀਕੁੈਂਂਸਿੰਗ ਅਤੇ ਟੈਸਟਿੰਗ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਹਸਪਤਾਲਾਂ ਵਿੱਚ ਬੈੱਡ ਅਤੇ ਆਕਸੀਜ਼ਨ ਸਿਲੰਡਰ ਵਧਾਉਣ ਲਈ ਵੀ ਕਿਹਾ। 

ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ, ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਹਾਲੇ ਤੱਕ ਭਾਰਤ ਨੇ ਕੋਈ ਵੀ ਯਾਤਰਾ ਪਾਬੰਦੀਆਂ ਲਗਾਉਣ ਦਾ ਫੈਸਲਾ ਨਹੀਂ ਕੀਤਾ ਹੈ। ਪ੍ਰਧਾਨ ਮੰਤਰੀ ਦੀ ਸਮੀਖਿਆ ਮੀਟਿੰਗ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਸੀਈਓ ਪਰਮੇਸ਼ਵਰਨ ਅਈਅਰ ਅਤੇ ਮੈਂਬਰ ਸਿਹਤ ਨੀਤੀ ਆਯੋਗ ਵੀਕੇ ਪਾਲ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਵਧ ਰਹੇ ਕੋਵਿਡ-19 ਦੇ ਤਾਜ਼ਾ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਮੀਖਿਆ ਬੈਠਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨ, ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਅਤੇ ਟੀਕਾਕਰਨ ਜਾਰੀ ਰੱਖਣ ਦੀ ਸਲਾਹ ਦਿੱਤੀ।