ਨਵੀਂ ਦਿੱਲੀ, 24 ਮਈ
ਦੇਸ਼ ਦੀਆਂ 19 ਵਿਰੋਧੀ ਪਾਰਟੀਆਂ ਨੇ ਸਾਂਝਾ ਬਿਆਨ ਜਾਰੀ ਕਰਕੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਜਦੋਂ ਲੋਕਤੰਤਰ ਦੀ ਆਤਮਾ ਨੂੰ ਸੰਸਦ ਵਿੱਚੋਂ ਵੱਖ ਕਰ ਦਿੱਤਾ ਗਿਆ ਹੈ ਤਾਂ ਇਸ ਨਵੀਂ ਇਮਾਰਤ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ। ਉਨ੍ਹਾਂ ਸਾਂਝੇ ਬਿਆਨ ਵਿੱਚ ਇਹ ਵੀ ਦੋਸ਼ ਲਾਇਆ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਉਦਘਾਟਨ ਕਰਨ ਤੋਂ ਲਾਂਭੇ ਕਰਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੀਂ ਸੰਸਦ ਭਵਨ ਦਾ ਉਦਘਾਟਨ ਕਰਨ ਦਾ ਫੈਸਲਾ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਬਾਈਕਾਟ ਕਰਨ ਵਾਲੀਆਂ ਪਾਰਟੀਆਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਡੀਐੱਮਕੇ, ਜਨਤਾ ਦਲ (ਯੂਨਾਈਟਿਡ), ਆਮ ਆਦਮੀ ਪਾਰਟੀ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ), ਮਾਰਕਸਵਾਦੀ ਕਮਿਊਨਿਸਟ ਪਾਰਟੀ, ਸਮਾਜਵਾਦੀ ਪਾਰਟੀ, ਰਾਸ਼ਟਰੀ ਜਨਤਾ ਦਲ, ਭਾਰਤੀ ਕਮਿਊਨਿਸਟ ਪਾਰਟੀ, ਇੰਡੀਅਨ ਯੂਨੀਅਨ ਮੁਸਲਿਮ ਲੀਗ, ਝਾਰਖੰਡ ਮੁਕਤੀ ਮੋਰਚਾ, ਨੈਸ਼ਨਲ ਕਾਨਫਰੰਸ, ਕੇਰਲਾ ਕਾਂਗਰਸ (ਮਨੀ), ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ, ਵੀਸੀਕੇ, ਐੱਮਡੀਐੱਮਕੇ ਤੇ ਰਾਸ਼ਟਰੀ ਲੋਕਦਲ ਸ਼ਾਮਲ ਹਨ। ਪ੍ਰਧਾਨ ਮੰਤਰੀ 28 ਮਈ ਨੂੰ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ।