ਨਵੀਂ ਦਿੱਲੀ, 12 ਅਪਰੈਲ

ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਚੋਣ ਹਲਫ਼ਨਾਮਿਆਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਹਨ। ਇਨ੍ਹਾਂ ਵਿੱਚੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ ਕੋਲ ਸਭ ਤੋਂ ਵੱਧ 510 ਕਰੋੜ ਰੁਪਏ ਦੀ ਜਾਇਦਾਦ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੋਲ ਸਭ ਤੋਂ ਘੱਟ 15 ਲੱਖ ਰੁਪਏ ਦੀ ਜਾਇਦਾਦ ਹੈ, ਜਦਕਿ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਕੋਲ 1 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ।

ਰਿਪੋਰਟ ਅਨੁਸਾਰ ਇਨ੍ਹਾਂ ਵਿੱਚੋਂ 13 ਨੇ ਹਲਫ਼ਨਾਮੇ ਵਿੱਚ ਗੰਭੀਰ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਦਿੱਤੀ ਹੈ, ਜਿਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਦੇ ਮਾਮਲੇ ਸ਼ਾਮਲ ਹਨ। ਮੁੱਖ ਮੰਤਰੀਆਂ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ 510 ਕਰੋੜ ਰੁਪਏ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਕੋਲ 163 ਕਰੋੜ ਰੁਪਏ ਅਤੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਕੋਲ 63 ਕਰੋੜ ਰੁਪਏ ਦੀ ਜਾਇਦਾਦ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ 3 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ।