-ਕਿਹਾ! ਪੰਜਾਬ ਸਰਕਾਰ ਨੌਜਵਾਨਾਂ ਨੂੰ ਕਿੱਤਾਮੁੱਖੀ ਕਰਨ ਅਤੇ ਨੌਕਰੀਆਂ ਮੁਹੱਈਆ ਕਰਾਉਣ ਲਈ ਵਚਨਬੱਧ
-ਲੁਧਿਆਣਾ ਵਿਖੇ ‘ਵਰਲਡ ਯੂਥ ਸਕਿੱਲ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ
ਚੰਡੀਗੜ੍ਹ/ਲੁਧਿਆਣਾ, 15 ਜੁਲਾਈ (000)-ਪੰਜਾਬ ਦੇ ਤਕਨੀਕੀ ਸਿੱਖਿਆ, ਸਨਅਤੀ ਸਿਖ਼ਲਾਈ ਅਤੇ ਰੋਜ਼ਗਾਰ ਉਤਪਤੀ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਲੈ ਕੇ ਆਪਣੇ ਆਪ ਨੂੰ ਹੁਨਰਮੰਦ ਬਣਾਉਣ ਕਿਉਂਕਿ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਦੀ ਦੇਸ਼ ਅਤੇ ਵਿਦੇਸ਼ਾਂ ਵਿੱਚ ਭਾਰੀ ਮੰਗ ਹੈ। ਉਹ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਆਈ. ਆਈ. ਏ. ਈ. ਐਜੂਕੇਸ਼ਨ ਸੁਸਾਇਟੀ ਵੱਲੋਂ ਮਨਾਏ ਗਏ ‘ਵਰਲਡ ਯੂਥ ਸਕਿੱਲ ਦਿਵਸ’ ਮੌਕੇ ਰੱਖੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ।
ਨੌਜਵਾਨਾਂ ਦੀ ਭਰਵੀਂ ਹਾਜ਼ਰੀ ਤੋਂ ਖੁਸ਼ ਹੋਏ ਸ੍ਰ. ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਨਾਲੋਂ ਨਖ਼ੇੜ ਕੇ ਹੁਨਰਮੰਦ ਕਰਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਕਿੱਲ ਡਿਵੈੱਲਪਮੈਂਟ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾ ਰਹੀ ਹੈ। ਜੋ ਨੌਜਵਾਨ ਸਹੀ ਸਿਖ਼ਲਾਈ ਪ੍ਰਾਪਤ ਕਰਦੇ ਹਨ ਜਾਂ ਹੋਰ ਸਿੱਖਿਆ ਗ੍ਰਹਿਣ ਕਰਦੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਯੋਗਤਾ ਮੁਤਾਬਿਕ ਨੌਕਰੀਆਂ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 8.21 ਲੱਖ (ਸਰਕਾਰੀ, ਨਿੱਜੀ ਅਤੇ ਸਵੈ-ਰੋਜ਼ਗਾਰ) ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਸ਼ਚਾ ਕਰਨ ਕਿ ਉਹ ਹੁਨਰਮੰਦ ਹੋ ਕੇ ਯੋਗਤਾ ਮੁਤਾਬਿਕ ਨੌਕਰੀ ਕਰਨਗੇ।
ਇਸ ਮੌਕੇ ਉਨ੍ਹਾਂ ਵੱਖ-ਵੱਖ ਸਿਖ਼ਲਾਈ ਪ੍ਰੋਗਰਾਮਾਂ ਵਿੱਚ ਵਧੀਆ ਕਾਰਗੁਜ਼ਾਰੀ ਵਿੱਚ ਹਿੱਸਾ ਲੈਣ ਵਾਲੇ ਸਿਖ਼ਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਜਨਰਲ ਮੈਨੇਜਰ ਸ੍ਰ. ਸੁਖਵਿੰਦਰ ਸਿੰਘ, ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਪ੍ਰੋਜੈਕਟ ਕੋਆਰਡੀਨੇਟਰ ਮਿਸ ਪਰਵਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ ਕੁੜੀਆਂ ਹਾਜ਼ਰ ਸਨ