ਲੁਧਿਆਣਾ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਪ੍ਰਸ਼ਾਂਤ ਭੂਸ਼ਣ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਅਤੇ ਦਲਿਤ ਵਰਗ ਸੁਰੱਖਿਅਤ ਨਹੀਂ ਰਿਹਾ। ਉਹ ਅੱਜ ਇੱਥੇ ਫ਼ਿਰੋਜ਼ਪੁਰ ਰੋਡ ਸਥਿਤ ਐਡਵੋਕੇਟ ਹਰੀਸ਼ ਰਾਏ ਢਾਂਡਾ ਦੇ ਘਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅਮਨ-ਕਾਨੂੰਨ ਦੀ ਹਾਲਤ ਪਤਲੀ ਹੈ ਤੇ ਬੇਢੰਗੀਆਂ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸ੍ਰੀ ਭੂਸ਼ਣ ਨੇ ਕਿਹਾ ਕਿ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਬੇਮਤਲਬ ਮਸਲੇ ਉਭਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੱਕ-ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਭੀੜਤੰਤਰ ਵਲੋਂ ਲੇਖਕਾਂ, ਬੁੱਧੀਜੀਵੀਆਂ, ਸਾਹਿਤਕਾਰਾਂ ਅਤੇ ਹੋਰ ਸੰਜੀਦਾ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਸਰਕਾਰ ਜੇਲ੍ਹਾਂ ਵਿੱਚ ਡੱਕ ਰਹੀ ਹੈ, ਜਦੋਂਕਿ ਰਾਫਾਲ ਸੌਦੇ ਜਿਹੇ ਵੱਡੇ ਘਪਲੇ ਇਸੇ ਸਰਕਾਰ ਦੇ ਸ਼ਾਸਨਕਾਲ ਵਿੱਚ ਹੋਏ ਹਨ ਤੇ ਚਹੇਤਿਆਂ ਨੂੰ ਕਥਿਤ ਲਾਭ ਦਿੱਤਾ ਗਿਆ ਹੈ। ਉਨ੍ਹਾਂ ਸੁਪਰੀਮ ਕੋਰਟ ਦੇ ਆਧਾਰ ਕਾਰਡ ਬਾਰੇ ਆਏ ਫ਼ੈਸਲੇ ਅਤੇ ਧਾਰਾ 479 ਖ਼ਤਮ ਕਰਨ ਸਬੰਧੀ ਦਿੱਤੇ ਫ਼ੈਸਲੇ ਨੂੰ ਦਰੁਸਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹੁਣ ਸਿਆਸਤ ਦੀ ਥਾਂ ਫ਼ਿਰਕਾਪ੍ਰਸਤੀ ਅਤੇ ਹੋਰ ਘੁਟਾਲਿਆਂ ਨੂੰ ਬੇਪਰਦ ਕਰਨ ਲਈ ਕੰਮ ਕਰ ਰਹੇ ਹਨ।
ਜਗਰਾਉਂ (ਪੱਤਰ ਪ੍ਰੇਰਕ): ਇੱਥੇ ਲੋੜਵੰਦਾਂ ਅਤੇ ਖ਼ਾਸ ਕਰਕੇ ਅੰਗਹੀਣਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਸੁਚੇਤ ਕਰਨ ਲਈ ‘ਅਸੂਲ ਮੰਚ’ ਵਲੋਂ ਸੂਬਾ ਪੱਧਰੀ ਲੋਕ ਅਧਿਕਾਰ ਰੈਲੀ ਕਰਵਾਈ ਗਈ। ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਚੱਲਣ-ਫਿਰਨ ਤੋਂ ਅਸਮਰੱਥ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਬੇਰੁਜ਼ਗਾਰ ਹਨ ਤੇ ਨਿਰਾਸ਼ ਹੋ ਕੇ ਨਸ਼ਿਆਂ ਵੱਲ ਜਾਂ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਲਾਮਤਾਂ ਨਾਲ ਨਜਿੱਠਣ ਲਈ ਸਾਂਝੇ ਸੰਘਰਸ਼ ਦੀ ਲੋੜ ਹੈ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਕੇਵਲ ਸਿੰਘ ਨੇ ਕਿਹਾ ਕਿ ਜਦ ਸਾਬਕਾ ਵਿਧਾਇਕਾਂ, ਲੋਕ ਸਭਾ ਮੈਬਰਾਂ ਨੂੰ ਪੈਨਸ਼ਨਾਂ ਦੇਣ ਅਤੇ ਲੈਣ ਦਾ ਅਧਿਕਾਰ ਹੈ ਤਾਂ ਅੰਗਹੀਣਾਂ, ਵਿਧਵਾਵਾਂ , ਅਪਾਹਜਾਂ ਨੂੰ ਕਿਉਂ ਨਹੀਂ? ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਤੇ ਤਰਸੇਮ ਜੋਧਾਂ, ਭਾਗੀਰਥ ਸਿੰਘ ਗਿੱਲ ਲੋਪੋ, ਅਸੂਲ ਮੰਚ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ, ਅਸੂਲ ਮੰਚ ਦੇ ਹਲਕਾ ਜਗਰਾਉਂ ਦੇ ਆਗੂ ਪ੍ਰੀਤਮ ਸਿੰਘ ਅਖਾੜਾ ਵੀ ਇਸ ਮੌਕੇ ਹਾਜ਼ਰ ਸਨ।