ਜਗਰਾਉਂ, ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕੈਨੇਡਾ ਤੇ ਅਮਰੀਕਾ ਤੋਂ ਗਰਮਖਿਆਲੀਆਂ ਕੋਲੋਂ ਮਿਲ ਰਹੀਆਂ ਧਮਕੀਆਂ ਸਬੰਧੀ ਉਨ੍ਹਾਂ ਕਿਹਾ ਕਿ ਉਹ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਗਰਮਖਿਲਆਲੀਆਂ ਨੂੰ ਵਿਦੇਸ਼ੀ ਧਰਤੀ ’ਤੇ ਹੀ ਖ਼ਾਲਿਸਤਾਨ ਸਿਰਜਣ ਦੀ ਸਲਾਹ ਦਿੱਤੀ ਅਤੇ ਆਖਿਆ ਕਿ ਉਹ ਧਮਕੀਆਂ ਸਬੰਧੀ ਪੰਜਾਬ ਪੁਲੀਸ ਦੇ ਮੁਖੀ ਨੂੰ ਸ਼ਿਕਾਇਤ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਧਮਕੀਆਂ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਹੋਵੇਗੀ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲੇ ਦਰਜ ਕਰਵਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਜਾਵੇ। ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਵਾਲੇ ਉਨ੍ਹਾਂ ਦੇ ਬਿਆਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਫ਼ਾ ਹੋਣ ਬਾਰੇ ਪੁੱਛਣ ’ਤੇ ਸ੍ਰੀ ਬਿੱਟੂ ਨੇ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦਾ ਸੁਝਾਅ ਉਨ੍ਹਾਂ ਦੀ ਨਿੱਜੀ ਰਾਇ ਹੈ। ਪਾਰਟੀ ਦੀ ਬਿਹਤਰੀ ਲਈ ਉਨ੍ਹਾਂ ਨੂੰ ਇਹ ਠੀਕ ਲੱਗਿਆ ਤੇ ਇਹ ਵਿਚਾਰ ਉਹ ਪਾਰਟੀ ਹਾਈ ਕਮਾਂਡ ਅੱਗੇ ਵੀ ਰੱਖਣਗੇ।