ਚੰਡੀਗੜ੍ਹ, ਕੈਪਟਨ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ ’ਤੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਦਿੱਤੇ ਹਨ।
ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ ਦੀ ਹਦੂਦ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਸੂਬੇ ਵਿੱਚ ਧਾਰਮਿਕ ਥਾਵਾਂ ਦੇ ਨੇੜੇ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸੂਬੇ ਦੇ ਅਮਨ ਚੈਨ ਨੂੰ ਢਾਹ ਲਾਉਣ ਵਾਲੀ ਕਿਸੇ ਹੋਰ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮੱਦੇਨਜ਼ਰ ਲਿਆ ਗਿਆ ਹੈ। ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮ ਵੱਲੋਂ ਆਪਣੇ ਫੰਡਾਂ ਵਿੱਚੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਇਸ ਉਪਰਾਲੇ ਨਾਲ ਜਿੱਥੇ ਸਮਾਜ ਵਿਰੋਧੀ ਤੱਤਾਂ ਉੱਤੇ ਹਰ ਪਲ ਨਜ਼ਰ ਰੱਖੀ ਜਾ ਸਕੇਗੀ, ਉੱਥੇ ਹੀ ਹੋਰ ਅਪਰਾਧਾਂ ਨੂੰ ਵੀ ਰੋਕਿਆ ਜਾ ਸਕੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਪੰਜਾਬ ਪੁਲੀਸ ਅਤੇ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵਿਚਾਰ ਚਰਚਾ ਕੀਤੀ ਜਾ ਚੱਕੀ ਹੈ ਅਤੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖ਼ਤੀ ਨਾਲ ਨਜਿੱਠਣ ’ਤੇ ਜ਼ੋਰ ਦਿੱਤਾ ਗਿਆ ਹੈ। ਹਾਲ ਹੀ ਵਿੱਚ ਵਿਧਾਨ ਸਭਾ ਵਲੋਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਇਕ ਬਿਲ ਵੀ ਪਾਸ ਕੀਤਾ ਗਿਆ।