ਚੰਡੀਗੜ੍ਹ : ਪਹਾੜਾਂ ਵਿੱਚ ਬਰਫ਼ਬਾਰੀ ਅਤੇ ਠੰਢੀਆਂ ਹਵਾਵਾਂ ਨੇ ਉੱਤਰੀ ਤੋਂ ਪੂਰਬੀ ਭਾਰਤ ਤੱਕ ਠੰਢ ਵਧਾ ਦਿੱਤੀ ਹੈ। ਦਿੱਲੀ-ਐਨਸੀਆਰ, ਪੰਜਾਬ ਅਤੇ ਰਾਜਸਥਾਨ ਸਮੇਤ ਕਈ ਹੋਰ ਰਾਜਾਂ ਦੇ ਕਈ ਹਿੱਸਿਆਂ ਵਿੱਚ ਸਵੇਰ ਦਾ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ।
ਦਿੱਲੀ ਦੇ ਪਾਲਮ ਖੇਤਰ ਵਿੱਚ 2013 ਤੋਂ ਬਾਅਦ ਸਭ ਤੋਂ ਘੱਟ ਤਾਪਮਾਨ 3.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ ਤਿੰਨ ਦਿਨਾਂ ਲਈ ਉੱਤਰ ਪ੍ਰਦੇਸ਼, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਅਸਾਮ ਸਮੇਤ ਅੱਠ ਰਾਜਾਂ ਲਈ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੰਘਣੀ ਧੁੰਦ ਨੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਨੂੰ ਵੀ ਘੇਰ ਲਿਆ। ਦੱਸ ਦਈਏ ਮੌਸਮ ਵਿਭਾਗ ਦੇ ਅਨੁਸਾਰ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਗਿਆ। ਰਾਜਸਥਾਨ ਦੇ ਪ੍ਰਤਾਪਗੜ੍ਹ ਵਿੱਚ ਤਾਪਮਾਨ ਮਨਫ਼ੀ 2 ਡਿਗਰੀ ਸੈਲਸੀਅਸ ਅਤੇ ਬਾੜਮੇਰ ਵਿੱਚ ਮਨਫ਼ੀ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
19 ਜ਼ਿਲ੍ਹਿਆਂ ਲਈ ਸਵੇਰੇ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਅੱਠ ਜ਼ਿਲ੍ਹਿਆਂ ਲਈ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। 17 ਜਨਵਰੀ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 17 ਜਨਵਰੀ ਤੱਕ ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਅਤੇ ਤੇਜ਼ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ।
ਓਧਰ ਦੂਜੇ ਪਾਸੇ ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਜੋ ਕਿ ਆਮ ਨਾਲੋਂ 4.3 ਡਿਗਰੀ ਘੱਟ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਅਤੇ ਪਟਿਆਲਾ ਵਿੱਚ ਸੀਤ ਲਹਿਰ ਦਾ ਅਨੁਮਾਨ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।














