ਖਰੜ,
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਹਾਲ ਹੀ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਲਈ ਐਲਾਨੇ ਗਏ ਨਿਗੂਣੇ ਮੁਆਵਜ਼ੇ ਦੀ ਸਮੀਖਿਆ ਕਰਨ। ਇਸ ਦੌਰਾਨ ਉਨ੍ਹਾਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਦੇ ਫੈਸਲੇ ਵਿਰੁੱਧ ਆਵਾਜ਼ ਨਾ ਚੁੱਕਣ ’ਤੇ ਵੀ ਚੰਨੀ ਦੀ ਨਿਖੇਧੀ ਕੀਤੀ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਠੱਗੀ ਮਾਰੀ ਹੈ। ਸਰਕਾਰ ਕਿਸਾਨਾਂ ਨੂੰ ਸਿਰਫ ਅੰਸ਼ਕ ਮੁਆਵਜ਼ਾ ਦੇ ਰਹੀ ਹੈ ਜਦੋਂ ਕਿ ਗੁਲਾਬੀ ਸੁੰਡੀ ਦੇ ਹਮਲੇ ਵਿਚ ਉਨ੍ਹਾਂ ਦੀ ਫਸਲ ਪੂਰੀ ਤਰਾਂ ਤਬਾਹ ਹੋ ਗਈ ਹੈ। ਕਿਸਾਨ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗ ਰਹੇ ਹਨ ਪਰ ਕਾਂਗਰਸ ਉਨ੍ਹਾਂ ਨੂੰ 35 ਫੀਸਦੀ ਨੁਕਸਾਨ ਤੱਕ ਦੋ ਹਜ਼ਾਰ ਰੁਪਏ ਅਤੇ 75 ਫੀਸਦੀ ਨੁਕਸਾਨ ਲਈ 5400 ਰੁਪਏ ਮੁਆਵਜ਼ੇ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਖੇਤ ਮਜ਼ਦੂਰਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਜਗਦੀਸ਼ ਟਾਈਟਲਰ ਨੂੰ ਕਾਂਗਰਸ ਦੀ ਸਿਖ਼ਰਲੀ ਕਮੇਟੀ ਵਿਚ ਨਿਯੁਕਤ ਕਰਨ ਸਬੰਧੀ ਸੁਖਬੀਰ ਨੇ ਕਿਹਾ ਕਿ ਕਤਲੇਆਮ ਦੇ ਦੋਸ਼ੀ ਨੂੰ ਮੁੜ ਅਹੁਦਾ ਦੇ ਕੇ ਨਿਵਾਜਣ ਦੀ ਸਾਜ਼ਿਸ਼ ਦਾ ਹਿੱਸਾ ਬਣ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਸਾਰੇ ਮਾਮਲੇ ਵਿਚ ਚੰਨੀ ਦੀ ਭੂਮਿਕਾ ’ਤੇ ਸਵਾਲ ਚੁੱਕੇ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਗ੍ਰਹਿ ਮੰਤਰੀ ਨੇ ਵੀ ਟਾਈਟਲਰ ਨੂੰ ਅਹਿਮ ਅਹੁਦਾ ਦੇਣ ਦਾ ਰਸਮੀ ਵਿਰੋਧ ਕਰਨ ਦੀ ਦਲੇਰੀ ਨਹੀਂ ਵਿਖਾਈ।
ਇਸ ਤੋਂ ਪਹਿਲਾਂ ਸੁਖਬੀਰ ਨੇ ਸਿਸਵਾਂ ਟੀ ਪੁਆਇੰਟ ਤੋਂ ਮਾਰਬਲ ਮਾਰਕੀਟ ਮੁੱਲਾਂਪੁਰ ਤਕ ਰੋਡ ਸ਼ੋਅ ਦੀ ਅਗਵਾਈ ਕੀਤੀ, ਜਿਸ ਦੌਰਾਨ ਉਨ੍ਹਾਂ ਨਾਲ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਰਹੇ।
ਚੰਨੀ ਨੂੰ ਤਸਵੀਰਾਂ ਖਿੱਚਵਾਉਣੀਆਂ ਬੰਦ ਕਰ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਸਲਾਹ
ਸੁਖਬੀਰ ਨੇ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਉਹ ਤਸਵੀਰਾਂ ਖਿੱਚਵਾਉਣੀਆਂ ਬੰਦ ਕਰਨ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਸ਼ੁਰੂ ਕਰਨ। ਉਨ੍ਹਾਂ ਕੋਲ ਸਿਰਫ ਦੋ ਮਹੀਨੇ ਦਾ ਸਮਾਂ ਬਾਕੀ ਹੈ। ਇਸ ਸਮੇਂ ਦੀ ਵਰਤੋਂ ਲੋਕਾਂ ਦੇ ਦੁੱਖ-ਤਕਲੀਫਾਂ ਦੂਰ ਕਰਨ ਅਤੇ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਅਜਿਹਾ ਕਰਨ ਦੀ ਜਗ੍ਹਾ ਚੰਨੀ ਸਸਤੀ ਸ਼ੌਹਰਤ ਹਾਸਲ ਕਰਨ ’ਤੇ ਡਟੇ ਹੋਏ ਹਨ।