ਮੁੰਬਈ, 9 ਨਵੰਬਰ
ਮਹਾਰਾਸ਼ਟਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਅੱਜ ਦੋਸ਼ ਲਗਾਇਆ ਕਿ ਸੂਬੇ ਦੇ ਮੰਤਰੀ ਨਵਾਬ ਮਲਿਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ‘ਅੰਡਰਵਰਲਡ’ ਨਾਲ ਸਬੰਧਤ ਲੋਕਾਂ ਨਾਲ ਜ਼ਮੀਨੀ ਸੌਦੇ ਕੀਤੇ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਫੜਨਵੀਸ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਇਸ ਬਾਰੇ ਪਹਿਲਾਂ ਪਤਾ ਲੱਗ ਜਾਂਦਾ ਤਾਂ ਉਹ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਦਾ ਪਰਦਾਫਾਸ਼ ਕਰ ਦਿੰਦੇ।