ਇਸਲਾਮਾਬਾਦ/ਲੰਡਨ, 11 ਨਵੰਬਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਿਚਾਲੇ ਲੰਡਨ ਵਿੱਚ ਹੋਈ ਮੁਲਾਕਾਤ ਮਗਰੋਂ ਇਹ ਫੈਸਲਾ ਲਿਆ ਗਿਆ ਹੈ ਕਿ ਪਾਕਿਸਤਾਨੀ ਫੌਜ ਦੇ ਨਵੇਂ ਮੁਖੀ ਦੀ ਨਿਯੁਕਤੀ ਵੇਲੇ ਸਰਕਾਰ ਕਿਸੇ ਵੀ ਦਬਾਅ ਹੇਠ ਨਹੀਂ ਆਏਗੀ। ਜ਼ਿਕਰਯੋਗ ਹੈ ਕਿ ਪਾਕਿ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ 29 ਨਵੰਬਰ ਨੂੰ ਸੇਵਾ-ਮੁਕਤ ਹੋ ਰਹੇ ਹਨ ਤੇ ਨਵੇਂ ਫੌਜ ਮੁਖੀ ਦੀ ਨਿਯੁਕਤੀ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਸਿਆਸੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਨੇ ਪਾਕਿਸਤਾਨ ਵਿੱਚ ਜਲਦੀ ਹੀ ਆਮ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸਰੀਫ਼ ਵੱਲੋਂ ਪੀਐੱਮਐੱਲ (ਐੱਨ) ਦੇ ਮੁਖੀ ਨਵਾਜ਼ ਸ਼ਰੀਫ ਨਾਲ ਕੀਤੇ ਗਏ ਵਿਚਾਰ ਵਟਾਂਦਰੇ ਅਨੁਸਾਰ ਸਰਕਾਰ ਇਮਰਾਨ ਖਾਨ ਦੀ ਮੰਗ ਨਹੀਂ ਮੰਨੇਗੀ ਤੇ ਨਾ ਹੀ ਦੇਸ਼ ਵਿੱਚ ਜਲਦੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਾਕਿਸਤਾਨੀ ਫੌਜ ਦੇ ਨਵੇਂ ਮੁਖੀ ਦੀ ਨਿਯੁਕਤੀ ਅਤੇ ਦੇਸ਼ ਵਿੱਚ ਆਮ ਚੋਣਾਂ ਜਲਦੀ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਉੱਤੇ ਕਾਫੀ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੇ ਨਵਾਜ਼ ਸ਼ਰੀਫ ਨਾਲ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ।
ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਇਮਰਾਨ ਖਾਨ ਨੇ ਆਪਣੇ ਪੱਖ ਵਿੱਚ ਬਦਲਾਅ ਕਰਦਿਆਂ ਕਿਹਾ ਸੀ ਕਿ ਨਵੇਂ ਫੌਜ ਮੁਖੀ ਦੀ ਕੀਤੀ ਜਾਣ ਵਾਲੀ ਨਿਯੁਕਤੀ ਬਾਰੇ ਉਨ੍ਹਾਂ ਦੇ ਸ਼ਹਿਬਾਜ਼ ਸ਼ਰੀਫ ਸਰਕਾਰ ਨਾਲ ਮੱਤਭੇਦ ਨਹੀਂ ਹਨ।