ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੀਆਂ ਜਥੇਬੰਦੀਆਂ ਦੇ ਉਪਰਾਲੇ ਦੀ ਦੀ ਹਮਾਇਤ ਕਰਦਿਆਂ ਕਿਹਾ ਕਿ ਸਮਾਜ ’ਚੋਂ ਨਸ਼ੇ ਦੇ ਖ਼ਾਤਮੇ ਲਈ ਲੋਕ ਲਹਿਰ ਉਸਾਰਨ ਦੀ      ਲੋੜ ਹੈ।
ਉਨ੍ਹਾਂ ਕਿਹਾ ਕਿ ਸਮਾਜ ’ਚੋਂ ਨਸ਼ੇ ਦੀ ਜੜ੍ਹ ਪੁੱਟਣ ਲਈ ਵੱਡੀ ਗਿਣਤੀ ’ਚ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ ਅਤੇ ਨਸ਼ੇ ਦਾ ਖ਼ਾਤਮਾ ਕਰਨਾ ਚਾਹੀਦਾ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਨਸ਼ੇ ਦੇ ਸੇਵਨ ਨਾਲ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ’ਚ ਅਜਿਹੇ ਵਰਤਾਰੇ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਵਿਚ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਸਖ਼ਤ ਕਾਨੂੰਨ ਅਤੇ ਅਹਿਮ ਫ਼ੈਸਲੇ ਲੈਣੇ ਚਾਹੀਦੇ ਹਨ।  ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨਗੀ ਕਾਰਜਕਾਲ ਦੌਰਾਨ ਅਜੋਕੀ ਪੀੜ੍ਹੀ ਨੂੰ ਨਸ਼ੇ ਅਤੇ ਸਮਾਜਕ ਕੁਰੀਤੀਆਂ ਤੋਂ ਬਚਾਉਣ ਲਈ ਅੰਤ੍ਰਿੰਗ ਕਮੇਟੀ ਵਿਚ ਅਹਿਮ ਫ਼ੈਸਲੇ ਕਰਕੇ ਬੱਚੇ, ਬੱਚੀਆਂ ਅਤੇ ਨੌਜਵਾਨਾਂ ਨੂੰ ਧਰਮ ਪ੍ਰਚਾਰ ਲਹਿਰ ਨਾਲ ਜੋੜ ਕੇ ਬਾਣੀ ਅਤੇ ਬਾਣੇ ਦਾ ਧਾਰਨੀ ਬਣਾਇਆ ਗਿਆ ਸੀ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ, ਤਾਂ ਜੋ ਦੇਸ਼ ਦਾ ਭਵਿੱਖ ਅਜੋਕੀ ਪੀੜੀ ਨੂੰ ਸਹੀ ਰਾਹ ’ਤੇ ਲਿਆ ਕੇ ਬਚਾਇਆ ਜਾ ਸਕੇ। ਪ੍ਰੋ. ਬਡੂੰਗਰ ਨੇ ਨਸ਼ਾ ਮਾਮਲੇ ’ਤੇ ਅਪੀਲ ਕੀਤੀ ਹੈ ਕਿ ਨਸ਼ੇ ਦੇ ਖ਼ਾਤਮੇ ਲਈ ਸਰਕਾਰ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਦਮ ਉਠਾਵੇ।