ਮੁਹਾਲੀ, 24 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਸ਼ਾਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਗੱਲ ਪੁਸ਼ਟੀ ਖ਼ੁਦ ਬਚਾਅ ਪੱਖ ਦੇ ਵਕੀਲ ਡੀਐੱਸ ਸੋਬਤੀ ਨੇ ਕੀਤੀ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਦਾ ਬੂਹਾ ਖੜਕਾਇਆ ਸੀ। ਅਕਾਲੀ ਆਗੂ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਐੱਚਐੱਸ ਧਨੋਆ ਰਾਹੀਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਸਬੰਧੀ ਬੀਤੇ ਕੱਲ੍ਹ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਜੀਠੀਆ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਅੱਜ ਪੇਸ਼ ਕਰਨ ਲਈ ਕਿਹਾ ਸੀ। ਪੰਜਾਬ ਸਰਕਾਰ ਵੱਲੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਡੀਐੱਸਪੀ ਰਾਹੀਂ ਅਦਾਲਤ ਵਿੱਚ ਡਰੱਗ ਕੇਸ ਸਬੰਧੀ ਰਿਕਾਰਡ ਪੇਸ਼ ਕੀਤਾ ਗਿਆ। ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਅਕਾਲੀ ਆਗੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਵੀ ਨਹੀਂ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸਿਰੇ ਤੋਂ ਖਾਰਜ ਕਰ ਦਿੱਤੀ ਗਈ।