ਲੁਧਿਆਣਾ, 2 ਜੁਲਾਈ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਨਸ਼ਿਆਂ ਖ਼ਿਲਾਫ਼ ਕਾਲਾ ਹਫ਼ਤਾ ਮਨਾਉਣ ਦੀ ਸ਼ੁਰੂਆਤ ਸ਼ਹਿਰ ਲਾਗਲੇ ਪਿੰਡ ਤਲਵੰਡੀ ਤੋਂ ਕੀਤੀ। ਇਸ ਮੌਕੇ ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਇਸ ਕਾਰੋਬਾਰ ਤੋਂ ਤੌਬਾ ਕਰਨ ਲਈ ਕਿਹਾ। ਪਿੰਡ ਵਾਸੀਆਂ ਨੇ ਵਿਧਾਇਕ ਦੀ ਅਗਵਾਈ ਵਿੱਚ ਜਾਗਰੂਕਤਾ ਰੈਲੀ ਵੀ ਕੱਢੀ। ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਇਸ ਮੁੱਦੇ ਉਤੇ ਸਾਰੀਆਂ ਪਾਰਟੀਆਂ ਨੂੰ ਸਿਆਸੀ ਵਖ਼ਰੇਵਿਆਂ ਤੋਂ ਉਤਾਂਹ ਉੱਠ ਕੇ ਉੱਦਮ ਕਰਨ ਦੀ ਲੋੜ ਹੈ।
ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਹੋਰਨਾਂ ਪਿੰਡਾਂ ਵਾਂਗ ਇਸ ਪਿੰਡ ਵਿੱਚ ਵੀ ਨਸ਼ੇ ਦੇ ਕਈ ਮਾਮਲੇ ਸਾਹਮਣੇ ਆਏ ਸਨ ਪਰ ਜੇ ਹੁਣ ਕੋਈ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਤਾਂ ਕੀਤੀ ਹੀ ਜਾਵੇਗੀ ਪਰ ਨਾਲ ਹੀ ਸਮਾਜਿਕ ਬਾਈਕਾਟ ਵੀ ਕੀਤਾ ਜਾਵੇਗਾ।