ਨਵੀਂ ਦਿੱਲੀ, 6 ਦਸੰਬਰ
ਕੇਂਦਰ ਸਰਕਾਰ ਨੇ ਅੱਜ ਨਾਗਾਲੈਂਡ ਗੋਲੀਬਾਰੀ ਘਟਨਾ ਲਈ ਲੋਕ ਸਭਾ ਵਿੱਚ ਅਫ਼ਸੋਸ ਜ਼ਾਹਿਰ ਕਰਦਿਆਂ ਇਸ ਪੂਰੇ ਮਾਮਲੇ ਦੀ ਇਕ ਮਹੀਨੇ ਅੰਦਰ ਵਿਸ਼ੇਸ਼ ਜਾਂਚ ਟੀਮ ਤੋਂ ਤਫ਼ਤੀਸ਼ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਜ਼ੋਰ ਦੇ ਕੇ ਆਖਿਆ ਕਿ ਸਾਰੀਆਂ (ਸੁਰੱਖਿਆ) ਏਜੰਸੀਆਂ ਇਹ ਯਕੀਨੀ ਬਣਾਉਣ ਕਿ ਬਾਗ਼ੀਆਂ ਖਿਲਾਫ਼ ਕਾਰਵਾਈ ਦੌਰਾਨ ਅਜਿਹੀ ਘਟਨਾ ਮੁੜ ਨਾ ਵਾਪਰੇ। ਲੋਕ ਸਭਾ ਵਿੱਚ ਅੱਜ ਇਕ ਲਿਖਤੀ ਬਿਆਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 4 ਦਸੰਬਰ ਦੀ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਵੀ ਕੀਤਾ। ਉਨ੍ਹਾਂ ਇਸ ਘਟਨਾ ਦੇ ਲੜੀਵਾਰ ਵੇਰਵੇ ਵੀ ਸਾਂਝੇ ਕੀਤੇ।ਸ਼ਨਿੱਚਰਵਾਰ ਰਾਤ ਨੂੰ ਸੁਰੱਖਿਆ ਬਲਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ 14 ਆਮ ਨਾਗਰਿਕਾਂ ਦੀ ਜਾਨ ਜਾਂਦੀ ਰਹੀ ਸੀ। ਇਸ ਤੋਂ ਪਹਿਲਾਂ ਅੱਜ ਦੋ ਦਿਨ ਦੀ ਛੁੱਟੀ ਮਗਰੋਂ ਅੱਜ ਜਿਉਂ ਹੀ ਸਦਨ ਜੁੜਿਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਨਾਗਾਲੈਂਡ ਦਾ ਮੁੱਦਾ ਚੁੱਕਿਆ। ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਇਸ ਨੂੰ ਦੁਖਦ ਘਟਨਾ ਦੱਸਿਆ। ਇਸ ਦੇ ਜਵਾਬ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਤੇ ਅਹਿਮ ਮਸਲਾ ਹੈ, ਜਿਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਵਿੱਚ ਵਿਸਥਾਰਤ ਬਿਆਨ ਦੇਣਗੇ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵੀ ਕਿਹਾ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਲਿਖਤ ਵਿੱਚ ਦਿੱਤਾ ਹੈ ਕਿ ਉਹ ਸਦਨ ਵਿੱਚ ਇਸ ਘਟਨਾ ਬਾਰੇ ਬਿਆਨ ਦੇਣਗੇ। ਟੀਐੱਮਸੀ ਦੇ ਸੁਦੀਪ ਬੰਧੋਪਾਧਿਆਏ ਨੇ ਕਿਹਾ ਕਿ ਗੋਲੀਬਾਰੀ ਦੀ ਇਸ ਘਟਨਾ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਤੇ ‘ਅਸੀਂ ਇਹ ਉਮੀਦ ਕਰਦੇ ਹਾਂ ਕਿ ਗ੍ਰਹਿ ਮੰਤਰੀ ਸਦਨ ਵਿੱਚ ਆ ਕੇ ਬਿਆਨ ਦੇਣਗੇ।’’