ਚੰਡੀਗੜ੍ਹ, 30 ਨਵੰਬਰ
‘ਆਪ’ ਆਗੂ ਸੁਖਪਾਲ ਖਹਿਰਾ ਵਿਰੁੱਧ ਨਸ਼ਿਆਂ ਦੇ ਮਾਮਲੇ ਵਿੱਚ ਆਡੀਓ ਟੇਪ ਦੀ ਮਦਦ ਨਾਲ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਕੋਸ਼ਿਸ਼ ’ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਇਸ ਘਟਨਾ ਬਾਰੇ ਖ਼ੁਦ ਹੀ ਕਾਰਵਾਈ ਕਰਨ ਅਤੇ ਕਥਿਤ ਦੋਸ਼ੀਆਂ ਵਿਰੁੱਧ ਢੁਕਵੀਂ ਕਾਰਵਾਈ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਇਲਜ਼ਾਮ ਲਾਉਣ ਦੀ ਕੋਸ਼ਿਸ਼ ਲੋਕਾਂ ਵੱਲੋਂ ਰੱਦ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਅਤੇ ਨਿਆਂਪਾਲਿਕਾ ਦੋ ਅਜਿਹੀਆਂ ਸੰਸਥਾਵਾਂ ਹਨ ਜਿਨ੍ਹਾਂ ’ਤੇ ਲੋਕਾਂ ਨੂੰ ਪੂਰਾ ਵਿਸ਼ਵਾਸ ਹੈ ਅਤੇ ਇਨ੍ਹਾਂ ਦੀ ਮਰਿਆਦਾ ਨੂੰ ਢਾਹ ਲਾਉਣ ਦੀ ਕੋਈ ਵੀ ਕੋਸ਼ਿਸ਼ ਲੋਕਾਂ ਵੱਲੋਂ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਾਹਰ ਤੌਰ ’ਤੇ ਆਮ ਆਦਮੀ ਪਾਰਟੀ ਨੇ ਵਿਵਾਦਪੂਰਨ ਟੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਟੇਪ ਉਨ੍ਹਾਂ ਦੇ ਭਾਈਵਾਲ ਬੈਂਸ ਭਰਾਵਾਂ ਵੱਲੋਂ ਬਦਨੀਤੀ ਨਾਲ ਪੈਦਾ ਕੀਤੀ ਅਤੇ ਜਾਰੀ ਕੀਤੀ ਗਈ ਹੈ।