ਚੰਡੀਗੜ੍ਹ, 12 ਦਸੰਬਰ
ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਦੌਰਾਨ ਕੈਪਟਨ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਕੁਮਾਰ ਸਾਂਪਲਾ ਦੀ ਅਗਵਾਈ ਵਾਲੇ ਵਫ਼ਦ ਨੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਦਿੱਤੇ ਮੰਗ ਰਾਹੀਂ ਹਾਕਮ ਧਿਰ ਅਤੇ ਪ੍ਰਸ਼ਾਸਨ ਦਾ ਗੱਠਜੋੜ ਹੋਣ ਅਤੇ ਵਿਰੋਧੀਆਂ ਨੂੰ ਚੋਣ ਪ੍ਰਕਿਰਿਆ ਤੋਂ ਲਾਂਭੇ ਕਰਨ ਦੇ ਦੋਸ਼ ਲਾਏ ਹਨ। ਵਫ਼ਦ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੇ ਹਰ ਪੜਾਅ ਉੱਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਖੱਜਲ-ਖੁਆਰ ਕਰਨ ਦੀ ਸਾਜ਼ਿਸ਼ ਰਚੀ ਹੈ। ਵਫ਼ਦ ਦੇ ਮੈਂਬਰਾਂ ਨੇ ਰਾਜਪਾਲ ਨੂੰ ਦੱਸਿਆ ਕਿ ਉਹ ਉਨ੍ਹਾਂ ਤੱਕ ਪਹੁੰਚ ਇਸ ਲਈ ਕਰ ਰਹੇ ਹਨ ਕਿਉਂਕਿ ਇਸ ਸਬੰਧੀ ਸੂਬਾਈ ਚੋਣ ਕਮਿਸ਼ਨ ਨੂੰ ਕੀਤੀਆਂ ਸ਼ਿਕਾਇਤਾਂ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਜਿਨ੍ਹਾਂ ਚਾਰ ਥਾਵਾਂ ਉੱਤੇ ਅਕਾਲੀ ਵਰਕਰਾਂ ਉੱਤੇ ਹਮਲੇ ਕੀਤੇ ਜਾਣ ਤੋਂ ਇਲਾਵਾ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਵੀ ਪਾੜ ਦਿੱਤੇ ਗਏ ਸਨ, ਉੱਥੇ ਚੋਣਾਂ ਰੱਦ ਨਹੀਂ ਕੀਤੀਆਂ ਗਈਆਂ।
ਵਫ਼ਦ ਨੇ ਰਾਜਪਾਲ ਨੂੰ ਇਹ ਵੀ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਆ ਰਹੀਆਂ ਨਗਰ ਨਿਗਮਾਂ ਦੀਆਂ ਚੋਣਾਂ ਵਾਸਤੇ ਨੀਮ-ਫੌਜੀ ਦਸਤਿਆਂ ਦੀ ਮੰਗ ਕਰਨ ਦਾ ਨਿਰਦੇਸ਼ ਦੇਣ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਹਾਲਾਤ ਵਿੱਚ ਨਿਰਪੱਖ ਅਤੇ ਆਜ਼ਾਦ ਚੋਣਾਂ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਚੁੱਕਿਆ ਹੈ। ਚੋਣਾਂ ਦੌਰਾਨ ਅਕਾਲੀ-ਭਾਜਪਾ ਵਰਕਰਾਂ ਖਿਲਾਫ ਵੱਡੇ ਪੱਧਰ ਉੱਤੇ ਹੇਰਾਫੇਰੀ ਅਤੇ ਹਿੰਸਾ ਦੀ ਸੰਭਾਵਨਾ ਹੈ। ਅਜਿਹੇ ਹਾਲਾਤ ਵਿੱਚ ਸਿਰਫ ਨੀਮ ਫੌਜੀ ਦਸਤੇ ਹੀ ਆਜ਼ਾਦ ਅਤੇ ਨਿਰਪੱਖ ਚੋਣਾਂ ਦਾ ਹੋਣਾ ਯਕੀਨੀ ਬਣਾ ਸਕਦੇ ਹਨ।
ਅਕਾਲੀ-ਭਾਜਪਾ ਨੇਤਾਵਾਂ ਨੇ ਕਿਹਾ ਕਿ ਮੁੱਖ ਸਕੱਤਰ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ ਕਿ ਜੇਕਰ ਨਗਰ ਨਿਗਮ ਚੋਣਾਂ ਦੌਰਾਨ ਸਰਕਾਰੀ ਅਧਿਕਾਰੀਆਂ ਨੇ ਕਾਂਗਰਸ ਦੇ ਹੱਕ ਵਿੱਚ ਪੱਖਪਾਤੀ ਭੂਮਿਕਾ ਨਿਭਾਈ ਤਾਂ ਮੁੱਖ ਸਕੱਤਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਲੈ ਕੇ ਕਾਂਗਰਸ ਦੇ ਏਜੰਟਾਂ ਵਾਂਗ ਕੰਮ ਕੀਤਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਵਫ਼ਦ ਨੇ ਰਾਜਪਾਲ ’ਤੇ ਸੂਬਾ ਸਰਕਾਰ ਤੋਂ ਇਹ ਸਪੱਸ਼ਟੀਕਰਨ ਲੈਣ ਲਈ ਵੀ ਜ਼ੋਰ ਪਾਇਆ ਕਿ ਪ੍ਰਦੇਸ਼ ਕਾਂਗਰਸ ਮੁਖੀ ਪੁਲੀਸ ਫੋਰਸ ਦਾ ਨੁਮਾਇੰਦਾ ਬਣ ਕੇ ਬਿਆਨ ਕਿਉਂ ਜਾਰੀ ਕਰ ਰਿਹਾ ਹੈ। ਵਫਦ ਵਿੱਚ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਸੇਵਾ ਸਿੰਘ ਸੇਖਵਾਂ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿਲੋਂ, ਡਾ. ਦਲਜੀਤ ਚੀਮਾ, ਮਦਨ ਮੋਹਨ ਮਿੱਤਲ ਅਤੇ ਹਰਜੀਤ ਗਰੇਵਾਲ ਆਦਿ ਸ਼ਾਮਲ ਸਨ।