ਆਨੰਦਪੁਰ ਸਾਹਿਬ ਦੀ ਲੜਾਈ ਮਈ 1704 ਈ: ਵਿੱਚ ਸ਼ੁਰੂ ਹੋਈ ਤੇ ਲਗਾਤਾਰ ਸੱਤ ਮਹੀਨੇ ਚੱਲਦੀ ਰਹੀ। ਕਿਲ੍ਹੇ ਵਿੱਚ ਸਿੰਘਾਂ ਕੋਲ ਰਾਸ਼ਨ-ਪਾਣੀ ਮੁੱਕ ਗਿਆ। ਉਧਰ ਪਹਾੜੀ ਰਾਜਿਆਂ ਅਤੇ ਮੁਗਲਾਂ ਦੀਆਂ ਫ਼ੌਜਾਂ ਵੀ ਬਹੁਤਾ ਚਿਰ ਲੜਨ ਦੇ ਸਮਰੱਥ ਨਹੀਂ ਸਨ। ਇਸ ਕਰਕੇ ਮੁਗਲ ਹਾਕਮਾਂ ਅਤੇ ਪਹਾੜੀ ਰਾਜਿਆਂ ਨੇ ਝੂਠੀਆਂ ਸਹੁੰਆਂ ਖਾ ਕੇ ਗੁਰੂ ਜੀ ਕੋਲੋਂ ਆਨੰਦਪੁਰ ਦਾ ਕਿਲ੍ਹਾ ਖਾਲੀ ਕਰਵਾ ਲਿਆ ਤੇ ਕਿਹਾ ਕਿ ਉਹ ਮੁੜ ਕੇ ਵਾਰ ਨਹੀਂ ਕਰਨਗੇ। ਗੁਰੂ ਗੋਬਿੰਦ ਸਿੰਘ ਜੀ ਜਾਣਦੇ ਸਨ ਕਿ ਇਹ ਕਦੇ ਵੀ ਆਪਣੀ ਆਖੀ ਗੱਲ ਤੋਂ ਮੁਕਰ ਸਕਦੇ ਹਨ ਪਰ ਕੁੱਝ ਸਿੰਘਾਂ ਦੇ ਕਹਿਣ ’ਤੇ ਗੁਰੂ ਜੀ ਨੇ ਕਿਲ੍ਹਾ ਛੱਡ ਦਿੱਤਾ ਤੇ ਰੋਪੜ ਦੇ ਇਲਾਕੇ ਵੱਲ ਵਧਣਾ ਸ਼ੁਰੂ ਕਰ ਦਿੱਤਾ। ਹਾਲੇ ਗੁਰੂ ਜੀ ਦਾ ਵਹੀਰ ਸਰਸਾ ਨਦੀ ਕੰਢੇ ਹੀ ਪਹੁੰਚਿਆ ਸੀ ਕਿ ਪਿੱਛੋਂ ਆ ਰਹੀ ਦੁਸ਼ਮਣ ਦੀ ਫ਼ੌਜ ਨੇ ਮੁੜ ਹਮਲਾ ਕਰ ਦਿੱਤਾ। ਸਰਸਾ ਨਦੀ ਵਿੱਚ ਉਸ ਵੇਲੇ ਹੜ੍ਹ ਆਇਆ ਹੋਇਆ ਸੀ। ਇਸ ਸਥਾਨ ’ਤੇ ਲਹੂ ਡੋਲਵੀਂ ਟੱਕਰ ਸ਼ੁਰੂ ਹੋਈ। ਬਹੁਤ ਕੀਮਤੀ ਇਤਿਹਾਸ ਸਰਸਾ ਨਦੀ ਵਿੱਚ ਰੁੜ ਗਿਆ। ਇਸੇ ਹੀ ਸਥਾਨ ’ਤੇ ਗੁਰੂ ਜੀ ਦਾ ਪਰਿਵਾਰ ਵਿਛੜਿਆ। ਵੱਡੇ ਸਾਹਿਬਜ਼ਾਦੇ, ਪਿਤਾ ਗੁਰੂ ਗੋਬਿੰਦ ਸਿੰਘ ਜੀ ਨਾਲ ਚਮਕੌਰ ਸਾਹਿਬ ਵੱਲ ਚਲੇ ਗਏ। ਛੋਟੇ ਸਾਹਿਬਜ਼ਾਦੇ ਅਤੇ ਬਿਰਧ ਮਾਂ ਗੁਜਰੀ ਇਕੱਲੇ ਰਹਿ ਗਏ। ਪੋਹ ਦੀ ਰੁੱਤ ਅਤੇ ਕਹਿਰ ਦੀ ਸਰਦੀ ਵਿੱਚ ਦੋ ਛੋਟੇ-ਛੋਟੇ ਬਾਲ ਦਾਦੀ ਦੀ ਉਂਗਲ ਫੜ ਕੇ ਜੰਗਲਾਂ ਵਿੱਚ ਦੀ ਹੁੰਦੇ ਹੋਏ ਹਨੇਰੇ ਨੂੰ ਚੀਰਦੇ ਆਪਣੀ ਜ਼ਿੰਦਗੀ ਦਾ ਔਕੜਾਂ ਭਰਿਆ ਸਫ਼ਰ ਤਹਿ ਕਰ ਰਹੇ ਸਨ। ਇੰਝ ਤੁਰਦੇ-ਤੁਰਦੇ ਗੰਗੂ, ਜੋ ਗੁਰੂ ਘਰ ਦਾ ਰਸੋਈਆ ਸੀ, ਦੇ ਪਿੰਡ ਸਹੇੜੀ ਜਾ ਪਹੁੰਚੇ। ਉਹ ਬੱਚਿਆਂ ਨੂੰ ਅਤੇ ਦਾਦੀ ਜੀ ਨੂੰ ਆਪਣੇ ਘਰ ਲੈ ਗਿਆ। ਦਾਦੀ ਜੀ ਕੋਲ ਕੁੱਝ ਗਹਿਣੇ ਅਤੇ ਕੁਝ ਪੈਸੇ ਸਨ। ਇਨ੍ਹਾਂ ਗਹਿਣਿਆਂ ਅਤੇ ਹੀਰਿਆਂ ਦੀ ਚਮਕ ਨੇ ਉਸ ਨੂੰ ਅੰਨ੍ਹਾ ਕਰ ਦਿੱਤਾ ਅਤੇ ਉਹ ਇਨ੍ਹਾਂ ਕੀਮਤੀ ਵਸਤਾਂ ਨੂੰ ਹਾਸਲ ਕਰਨ ਲਈ ਹੀਰਿਆਂ ਤੋਂ ਵੀ ਸੋਹਣੇ ਬੱਚਿਆਂ ਦੀ ‘ਮੌਤ ਦਾ ਕਾਰਨ’ ਬਣਿਆ।
ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਅਤੇ ਮਾਤਾ ਨੂੰ ਵਜ਼ੀਰ ਖਾਨ ਕੋਲ ਫੜਾ ਕੇ ਗੰਗੂ ਵੱਡਾ ਇਨਾਮ ਜਿੱਤਣਾ ਚਾਹੁੰਦਾ ਸੀ, ਇਸ ਕਰਕੇ ਗੰਗੂ ਤੇ ਸਹੇੜੀ ਦੇ ਚੌਧਰੀਆਂ ਨੇ ਇਸ ਗੱਲ ਦੀ ਇਤਲਾਹ ਮੋਰਿੰਡੇ ਦੇ ਰੰਘੜ ਕੋਲ ਕੀਤੀ। ਇਨ੍ਹਾਂ ਨੇ ਸਾਹਿਬਜ਼ਾਦਿਆਂ ਨੂੰ ਵਜ਼ੀਰ ਖਾਨ ਦਾ ਬੰਦੀ ਬਣਾ ਦਿੱਤਾ। ਸਾਹਿਬਜ਼ਾਦਿਆਂ ਅਤੇ ਦਾਦੀ ਜੀ ਨੂੰ ਠੰਢੇ ਬੁਰਜ ਵਿੱਚ ਰੱਖਿਆ ਗਿਆ। ਇਸ ਬੁਰਜ ਨੂੰ ਸਿੱਖ ਇਤਿਹਾਸ ਵਿੱਚ ‘ਚੰਡਾਲ ਬੁਰਜ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਪੋਹ ਦੀ ਠੰਢੀ ਹਵਾ ਕਲੇਜਿਆਂ ਨੂੰ ਚੀਰ ਕੇ ਲੰਘ ਰਹੀ ਸੀ ਪਰ ਸਿਦਕ ਦੇ ਪੱਕੇ ਸ਼ਹੀਦ ਦਾਦੇ ਦੇ ਪੋਤੇ ਆਪਣੀ ਦਾਦੀ ਮਾਂ ਦੀ ਨਿੱਘੀ ਬੁੱਕਲ ਦਾ ਆਨੰਦ ਮਾਣ ਰਹੇ ਸਨ। ਸਾਹਿਬਜ਼ਾਦੇ ਭੁੱਖਣ-ਭਾਣੇ ਠੰਢੇ ਬੁਰਜ ਵਿੱਚ ਬੈਠੇ ਦਾਦੀ ਮਾਂ ਦੀਆਂ ਬਾਤਾਂ ਸੁਣ ਰਹੇ ਸਨ। ਦਾਦੀ ਮਾਂ ਦੀਆਂ ਦਿੱਤੀਆਂ ਨਸੀਹਤਾਂ ’ਤੇ ਫੁੱਲ ਚੜ੍ਹਾਉਂਦਿਆਂ ਬੱਚਿਆਂ ਨੇ ਕਿਹਾ, ‘‘ਸਿਰ ਦੇ ਕੇ ਸਿਦਕ ਬਚਾਵਾਂਗੇ।’’ 24 ਦਸੰਬਰ 1704 ਈ: ਦਾ ਦਿਨ ਚੜ੍ਹਿਆ। ਠੰਢੇ ਬੁਰਜ ’ਚੋਂ ਸਾਹਿਬਜ਼ਾਦਿਆਂ ਨੂੰ ਲੈਣ ਲਈ ਸਿਪਾਹੀ ਆਏ। ਇਸ ਸਥਿਤੀ ਦਾ ਵਰਨਣ ਅੱਲ੍ਹਾ ਯਾਰ ਖਾਂ ਜੋਗੀ ‘ਸ਼ਹੀਦਾਨਿ ਵਫ਼ਾ’ ਵਿੱਚ ਇਸ ਤਰ੍ਹਾਂ ਕਰਦਾ ਹੈ:
ਜਾਨੇ ਸੇ ਪਹਿਲੇ ਆਓ ਗਲੇ ਸੇ ਲਗਾ ਤੋ ਲੂੰ,
ਕੇਸੋਂ ਕੋ ਕੰਘੀ ਕਰੂੰ ਜਰਾ ਧੁਲਾ ਤੋ ਲੂੰ,
ਪਿਆਰੇ ਸਰੋਂ ਪੇ ਨੰਨ੍ਹੀ ਸੀ ਕਲਗੀ ਸਜਾ ਤੋ ਲੂੰ,
ਮਰਨ ਸੇ ਪਹਿਲੇ ਤੁਮ ਕੋ ਦੁਲਹਾ ਬਨਾ ਤੋ ਲੂੰ ।
ਸਾਹਿਬਜ਼ਾਦਿਆਂ ਨੂੰ ਵਜ਼ੀਰ ਖਾਨ ਦੀ ਕਚਹਿਰੀ ਵਿੱਚ ਪੇਸ਼ ਕੀਤਾ। ਸੂਰਮਿਆਂ ਨੇ ਕਚਿਹਰੀ ਵਿੱਚ ਖਲੋ ਕੇ ਫ਼ਤਹਿ ਬੁਲਾਈ। ਇਹ ਦੇਖ ਕੇ ਸੂਬਾ ਕੰਬ ਉੱਠਿਆ। ਸੂਬੇ ਨੇ ਸਾਹਿਬਜ਼ਾਦਿਆਂ ਨੂੰ ਧਰਮ ਤੋਂ ਡੁਲਾਉਣ ਦੇ ਲੱਖਾਂ ਯਤਨ ਕੀਤੇ। ਤਰ੍ਹਾਂ-ਤਰ੍ਹਾਂ ਦੇ ਲਾਲਚ ਦਿੱਤੇ ਤਾਂ ਕਿ ਉਹ ਸਿੱਖ ਧਰਮ ਨੂੰ ਛੱਡ ਕੇ ਇਸਲਾਮ ਕਬੂਲ ਕਰ ਲੈਣ। ਸੂਰਜ ਪ੍ਰਕਾਸ਼ ਦੇ ਕਰਤਾ ਭਾਈ ਸੰਤੋਖ ਸਿੰਘ ਲਿਖਦੇ ਹਨ ਕਿ ਮੋਰਿੰਡੇ ਦੇ ਇੱਕ ਅਹਿਲਕਾਰ ਨੇ ਸਾਹਿਬਜ਼ਾਦਿਆਂ ਨੂੰ ਕਿਹਾ ਕਿ ਤੁਹਾਡੇ ਪਿਤਾ ਜੀ ਅਤੇ ਭਰਾ ਚਮਕੌਰ ਦੀ ਜੰਗ ਵਿੱਚ ਮਾਰੇ ਗਏ ਹਨ, ਸੋ ਤੁਹਾਡਾ ਕੋਈ ਆਸਰਾ ਨਹੀਂ ਰਿਹਾ। ਜੇ ਤੁਸੀਂ ਇਸਲਾਮ ਕਬੂਲ ਕਰ ਲਵੋ ਤਾਂ ਵਜ਼ੀਰ ਖਾਨ ਤੁਹਾਡੀ ਰੱਖਿਆ ਕਰ ਸਕਦਾ ਹੈ। ਸੂਰਜ ਪ੍ਰਕਾਸ਼ ਅਨੁਸਾਰ:
ਸਾਹਿਬਜ਼ਾਦਿਓ ਪਿਤਾ ਤੁਹਾਰਾ ਗਢ ਚਮਕੌਰ ਘੇਰ ਗਹਿ ਮਾਰਾ/ ਤਹਿ ਤੁਮਰੇ ਦੈ ਭ੍ਰਾਤ ਪ੍ਰਹਾਰੇ ਸੰਗੀ ਸਿੰਘ ਸਕਲ ਸੋ ਮਾਰੇ।
ਅੱਗਿਓਂ ਸਾਹਿਬਜ਼ਾਦਿਆਂ ਨੇ ਜਵਾਬ ਦਿੱਤਾ:
ਸ੍ਰੀ ਸਤਿਗੁਰੂ ਜੋ ਪਿਤਾ ਹਮਾਰਾ ਜਗ ਮਹਿੰ ਕੋਨ ਸਕੇ ਤਿੰਹ ਮਾਰਾ/ ਜਿੰਮ ਆਕਾਸ਼ ਕੋ ਕਿਆ ਕੋਈ ਮਾਰਹਿ ਕੌਨ ਅੰਧੇਰੀ ਕੋ ਨਿਰਵਾਰਹਿ।
ਸਾਹਿਬਜ਼ਾਦਿਆਂ ਨੇ ਆਖਿਆ ਕਿ ਉਨ੍ਹਾਂ ਨੂੰ ਤਾਂ ਅਕਾਲ ਪੁਰਖ ਦੇ ਆਸਰੇ ਦੀ ਲੋੜ ਹੈ। ਹੋਰ ਕੋਈ ਆਸਰੇ ਦੀ ਲੋੜ ਨਹੀਂ। ਸੂਬੇ ਨੂੰ ਜਦ ਕੋਈ ਗੱਲ ਰਾਹ ਪੈਂਦੀ ਨਾ ਦਿਸੀ ਤਾਂ ਉਸ ਨੇ ਸਾਹਿਬਜ਼ਾਦਿਆਂ ਨੂੰ ਇੱਕ ਰਾਤ ਹੋਰ ਠੰਢੇ ਬੁਰਜ ’ਚ ਰੱਖਣ ਦਾ ਹੁਕਮ ਕੀਤਾ। ਭੁੱਖੇ-ਤਿਹਾਏ ਛੋਟੇ ਬੱਚੇ ਦੂਜੇ ਦਿਨ ਬੁਰਜ ਦੀ ਤਸੀਹਿਆਂ ਭਰੀ ਰਾਤ ਪਲ-ਪਲ ਕਰ ਕੇ ਗੁਜ਼ਾਰ ਰਹੇ ਸਨ। ਇਸ ਸਮੇਂ ਹੀ ਗੁਰੂ ਘਰ ਦਾ ਇੱਕ ਪ੍ਰੇਮੀ ਬਾਬਾ ਮੋਤੀ ਰਾਮ ਮਹਿਰਾ, ਜੋ ਵਜ਼ੀਰ ਖਾਨ ਦੇ ਲੰਗਰ ਵਿੱਚ ਨੌਕਰੀ ਕਰਦਾ ਸੀ, ਦੁੱਧ ਦੀ ਗੜਵੀ ਲੈ ਕੇ ਬੁਰਜ ਵਿੱਚ ਪਹੁੰਚਿਆ। ਰਸਤੇ ਵਿੱਚ ਕਿਸੇ ਪਹਿਰੇਦਾਰ ਨੇ ਬਾਬਾ ਜੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਮੋਹਰਾਂ ਅਤੇ ਪੈਸੇ ਵੀ ਦੇਣੇ ਪਏ। ਮਾਤਾ ਗੁਜਰੀ ਜੀ ਨੇ ਦੁੱਧ ਪੋਤਿਆਂ ਨੂੰ ਛਕਾਇਆ ਅਤੇ ਮੋਤੀ ਮਹਿਰੇ ਦਾ ਧੰਨਵਾਦ ਕੀਤਾ।
ਸਾਹਿਬਜ਼ਾਦਿਆਂ ਦੀ ਦੂਸਰੀ ਪੇਸ਼ੀ 25 ਦਸੰਬਰ 1704 ਈ. ਨੂੰ ਹੋਈ। ਜਦੋਂ ਸਿਪਾਹੀ ਬੱਚਿਆਂ ਨੂੰ ਲੈਣ ਆਏ ਤਾਂ ਦਾਦੀ ਮਾਂ ਨੇ ਬੱਚਿਆਂ ਨੂੰ ਸਿਦਕ ਦੇ ਪੱਕੇ ਰਹਿਣ ਦੀ ਪ੍ਰੇਰਨਾ ਦਿੱਤੀ। ਸਾਹਿਬਜ਼ਾਦਿਆਂ ਨੇ ਕਚਿਹਰੀ ਵਿੱਚ ਜਾ ਫਿਰ ਫ਼ਤਹਿ ਬੁਲਾਈ। ਸੂਬੇ ਨੇ ਫਿਰ ਉਹ ਹੀ ਇਸਲਾਮ ਕਬੂਲ ਕਰਨ ਦੀ ਪੇਸ਼ਕਾਰੀ ਕੀਤੀ ਪਰ ਸਾਹਿਬਜ਼ਾਦਿਆਂ ਨੇ ਇਹ ਪੇਸ਼ਕਾਰੀ ਠੁਕਰਾ ਦਿੱਤੀ। ਸੂਬੇ ਨੇ ਆਪਣੀ ਹਾਰ ਛੁਪਾਉਣ ਲਈ ਕਾਜ਼ੀ ਕੋਲੋਂ ਫ਼ਤਵਾ ਲਵਾਇਆ। ਕਾਜ਼ੀ ਨੇ ਸ਼ਰ੍ਹਾ ਦੀ ਕਿਤਾਬ ਫੋਲਦਿਆਂ ਕਿਹਾ ਕਿ ਇਨ੍ਹਾਂ ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣ ਦੇਣਾ ਚਾਹੀਦਾ ਹੈ। ਜਿਸ ਸਮੇਂ ਇਹ ਫੈਸਲਾ ਸੁਣਾਇਆ ਗਿਆ ਉਸ ਵੇਲੇ ਮਾਲੇਰਕੋਟਲੇ ਦਾ ਨਵਾਬ ਸ਼ੇਰ ਮੁਹੰਮਦ ਖਾਨ ਵੀ ਉਥੇ ਮੌਜੂਦ ਸੀ। ਉਹ ਉਠ ਖਲੋਤਾ ਅਤੇ ‘ਹਾਅ ਦਾ ਨਾਅਰਾ’ ਮਾਰਿਆ। ਇਸ ਹਾਅ ਦੇ ਨਾਅਰੇ ਨੂੰ ਸੁਣ ਕੇ ਵਜ਼ੀਰ ਖਾਨ ਦਾ ਮਨ ਕੁਝ ਬਦਲਿਆ ਪਰ ਕੋਲ ਬੈਠੇ ਸੁੱਚਾ ਨੰਦ ਨੇ ਭਾਨੀ ਮਾਰਦਿਆਂ ਕਿਹਾ, ‘‘ਵਜ਼ੀਰ ਖਾਨ ਇਨ੍ਹਾਂ ਬੱਚਿਆਂ ਨੂੰ ਜਿਉਂਦੇ ਛੱਡ ਕੇ ਤੂੰ ਸੁੱਖ ਦੀ ਨੀਂਦ ਨਹੀਂ ਸੌਂ ਸਕਦਾ।’’ ਇਸ ਮਗਰੋਂ ਸੂਬੇ ਨੇ ਸਾਹਿਬਜ਼ਾਦਿਆਂ ਨੂੰ ਨੀਹਾਂ ’ਚ ਚਿਣਨ ਦਾ ਹੁਕਮ ਦਿੱਤਾ। ਹਾਲੇ ਕੰਧ ਛਾਤੀ ਤਕ ਪਹੁੰਚੀ ਸੀ ਕਿ ਇੱਟਾਂ ਦਾ ਇਹ ਢਾਂਚਾ ਡਿੱਗ ਪਿਆ। ਕੁਝ ਇਤਿਹਾਸਕਾਰਾਂ ਅਨੁਸਾਰ ਸਾਹਿਬਜ਼ਾਦਿਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹੀ ਜੇਲ੍ਹ ਭੇਜ ਦਿੱਤਾ ਗਿਆ ਅਤੇ ਉਹ ਮੁੜ ਹੋਸ਼ ਵਿੱਚ ਆ ਗਏ। ਵਜ਼ੀਰ ਖਾਨ ਨੇ ਇਸਲਾਮ ਧਾਰਨ ਕਰਨ ਦੀ ਰਟ ਮੁੜ ਦੁਹਰਾਈ ਪਰ ਸਾਹਿਬਜ਼ਾਦਿਆਂ ਨੇ ਸਿਦਕ ਦੇ ਪੱਕੇ ਰਹਿਣ ਦਾ ਪ੍ਰਣ ਦੁਹਰਾਇਆ। ਇਸ ਮਗਰੋਂ ਸੂਬੇ ਨੇ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਨਾਮੀ ਦੋ ਭਰਾਵਾਂ ਨੂੰ ਸਾਹਿਬਜ਼ਾਦਿਆਂ ਦੇ ਸਿਰ ਕਲਮ ਕਰਨ ਦਾ ਹੁਕਮ ਕੀਤਾ। ‘ਪੰਥ ਪ੍ਰਕਾਸ਼’ ਦੇ ਕਰਤਾ ਗਿਆਨੀ ਗਿਆਨ ਸਿੰਘ ਲਿਖਦੇ ਹਨ:
ਸ਼ਾਸ਼ਲ ਬੇਗ ਅਰ ਬਾਸ਼ਲ ਬੇਗ। ਉਭੈ ਜਲਾਦਨ ਖਿਚ ਕੈ ਤੇਗ।
ਤਿਸਹੀ ਠਉਰ ਖਰਿਓ ਕੈ ਸੀਸ। ਤੁਰਤ ਉਤਾਰੇ ਦੁਸ਼ਟੈਂ ਰੀਸ।
ਤੇਰਾਂ ਪੋਹ ਥਾ ਮੰਗਲਵਾਰ । ਮਚਿਓ ਸ਼ਹਿਰ ਮੇਂ ਹਾਹਾਕਾਰ
ਇਸ ਤਰ੍ਹਾਂ ਸਾਹਿਬਜ਼ਾਦਿਆਂ ਨੇ ਸ਼ਹੀਦੀ ਪ੍ਰਾਪਤ ਕੀਤੀ। ਇਸ ਦੁਖ਼ਦਾਈ ਖ਼ਬਰ ਦਾ ਪਤਾ ਜਦੋਂ ਮਾਤਾ ਗੁਜਰੀ ਜੀ ਨੂੰ ਲੱਗਿਆ ਤਾਂ ਉਹ ਵੀ ਜੋਤੀ ਜੋਤ ਸਮਾ ਗਏ। ਮਗਰੋਂ ਟੋਡਰ ਮੱਲ ਨੇ ਮੋਹਰਾਂ ਵਿਛਾ ਕੇ ਜ਼ਮੀਨ ਖਰੀਦੀ ਅਤੇ ਤਿੰਨਾਂ ਦੇਹਾਂ ਦਾ ਸਸਕਾਰ ਕਰ ਦਿੱਤਾ।