ਗੁਰੂਗ੍ਰਾਮ/ਚੰਡੀਗੜ੍ਹ, 31 ਜੁਲਾਈ

ਹਰਿਆਣਾ ਦੇ ਨੂਹ ਵਿੱਚ ਧਾਰਮਿਕ ਯਾਤਰਾ ਦੌਰਾਨ ਦੋ ਫਿਰਕਿਆਂ ਵਿੱਚ ਹੋਈ ਹਿੰਸਕ ਝੜਪ ਦੌਰਾਨ ਦੋ ਹੋਮਗਾਰਡ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦਰਜਨ ਦੇ ਕਰੀਬ ਪੁਲੀਸ ਕਰਮੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੀ ਯਾਤਰਾ ਨੂੰ ਰੋਕਣ ’ਤੇ ਦੋ ਸਮੂਹਾਂ ਵਿੱਚ ਪੱਥਰਬਾਜ਼ੀ ਹੋਈ। ਇਸ ਦੌਰਾਨ ਭੀੜ ਨੇ ਕਾਰਾਂ ਨੂੰ ਅੱਗ ਲਗਾ ਦਿੱਤੀ। ਇੱਕ ਅਧਿਕਾਰੀ ਅਨੁਸਾਰ ਨੂੁਹ ਵਿੱਚ ਵਾਪਰੀ ਹਿੰਸਕ ਘਟਨਾ ਦੌਰਾਨ ਇੱਕ ਦਰਜਨ ਤੋਂ ਵੱਧ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਅੱਠ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਡੀਐੱਸਪੀ ਸੱਜਣ ਸਿੰਘ ਵੀ ਜ਼ਖ਼ਮੀ ਹੋਏ ਹਨ, ਜਿਸ ਦੇ ਗੋਲੀ ਲੱਗੀ ਹੈ। ਪੁਲੀਸ ਨੇ ਭੀੜ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਦਾਗ਼ੇ। ਇਲਾਕੇ ਵਿੱਚ ਤਣਾਅ ਮਗਰੋਂ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹਰਿਆਣਾ ਸਰਕਾਰ ਨੇ ‘ਤਿੱਖੇ ਫਿਰਕੂ ਤਣਾਅ’ ਨਾਲ ਨਜਿੱਠਣ ਲਈ ਇਲਾਕੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੁੱਧਵਾਰ ਤੱਕ ਮੁਅੱਤਲ ਕਰ ਦਿੱਤੀਆਂ ਹਨ। ਉਧਰ, ਨੂਹ ਵਿੱਚ ਸ਼ੁਰੂ ਹੋਈ ਫ਼ਿਰਕੂ ਹਿੰਸਾ ਗੁਰਗ੍ਰਾਮ ਤੱਕ ਪਹੁੰਚ ਗਈ ਹੈ। ਇੱਥੇ 500 ਲੋਕਾਂ ਦੀ ਭੀੜ ਨੇ ਪੱਥਰਬਾਜ਼ੀ ਕੀਤੀ ਅਤੇ ਸੋਹਨਾ ਇਲਾਕੇ ਵਿੱਚ ਅੰਬੇਡਕਰ ਚੌਕ ਨੇੜੇ ਚਾਰ ਦੁਕਾਨਾਂ ਤੇ ਇੱਕ ਵਾਹਨ ਨੂੰ ਅੱਗ ਲਾ ਦਿੱਤੀ। ਹਾਲਾਂਕਿ, ਪ੍ਰਸ਼ਾਸਨ ਨੇ ਸਥਿਤੀ ਕਾਬੂ ਹੇਠ ਹੋਣ ਦਾ ਦਾਅਵਾ ਕੀਤਾ।